• ਸੇਵਾ ਕੇਂਦਰਾਂ ਵਿੱਚ ਹੁਣ ਤੱਕ ਦੇ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ
• ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਭ ਤੋਂ ਵੱਧ ਬਕਾਇਆ ਕੇਸਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਤਾਲ ਕਰਨ ਦੇ ਨਿਰਦੇਸ਼
• ਅਧਿਕਾਰੀਆਂ ਨੂੰ ਸਾਰੀਆਂ ਆਫਲਾਈਨ ਸੇਵਾਵਾਂ ਜਲਦ ਤੋਂ ਜਲਦ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਦੀ ਕੀਤੀ ਹਦਾਇਤ
ਚੰਡੀਗੜ੍ਹ, 26 ਮਈ:
ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਕੇਸਾਂ ਦੀ ਦਰ ਘਟ ਕੇ 0.16 ਫੀਸਦ ਰਹਿ ਗਈ ਹੈ, ਜੋ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਸਬੰਧੀ ਹੁਣ ਤੱਕ ਦੀ ਸਭ ਤੋਂ ਘੱਟ ਦਰ ਹੈ।
ਸ੍ਰੀ ਅਮਨ ਅਰੋੜਾ ਇੱਥੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ (ਡੀ.ਸੀਜ਼.) ਨਾਲ ਵੀਡੀਓ ਕਾਨਫਰੰਸ ਰਾਹੀਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਅਤੇ ਪੈਂਡਿੰਗ ਪਏ ਮਾਮਲਿਆਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਸੇਵਾ ਕੇਂਦਰਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਅਜਿਹੇ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਕੋਲ ਸਭ ਤੋਂ ਵੱਧ ਕੇਸ ਬਕਾਇਆ ਪਏ ਹਨ, ਵੱਲੋਂ ਕੇਸ ਵਾਪਸ ਭੇਜਣ ਸਮੇਂ ਦਿੱਤੇ ਜਾਣ ਵਾਲੇ ਕਾਰਨਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਅਜਿਹੇ ਅਧਿਕਾਰੀਆਂ/ਕਰਮਚਾਰੀਆਂ, ਜੋ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਮੇਂ ਬੇਲੋੜੇ ਇਤਰਾਜ਼ ਲਗਾਉਣ ਤੋਂ ਇਲਾਵਾ ਵਾਧੂ ਦਸਤਾਵੇਜ਼ਾਂ ਦੀ ਮੰਗ ਕਰ ਰਹੇ ਹਨ, ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਸੂਬੇ ਵਿੱਚ ਇਸ ਵੇਲੇ ਕਿਸੇ ਵਜ੍ਹਾ ਕਾਰਨ ਵਾਪਸ ਭੇਜ ਜਾਣ ਵਾਲੇ ਕੇਸਾਂ ਦੀ ਦਰ 0.56 ਫੀਸਦੀ ਹੈ।
ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੀਤੀ ਗਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਫਲਾਈਨ ਢੰਗ ਨਾਲ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਇਹ ਸੇਵਾਵਾਂ ਲੋਕਾਂ ਨੂੰ ਹੋਰ ਵੀ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਸੇਵਾਵਾਂ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਗਿਣਤੀ ਨੂੰ ਘਟਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਸੇਵਾਵਾਂ ਪ੍ਰਦਾਨ ਕਰਨ ਅਤੇ ਸੇਵਾ ਕੇਂਦਰਾਂ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਹੋਰ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਗਿਰੀਸ਼ ਦਿਆਲਨ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਸੇਵਾ ਕੇਂਦਰਾਂ ਵਿੱਚ ਆਫਲਾਈਨ ਢੰਗ ਨਾਲ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਤੋਂ ਇਲਾਵਾ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਯਤਨਸ਼ੀਲ ਹੈ।