ਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ: ਜਿੰਪਾ

2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 135 ਕਰੋੜ ਰੁਪਏ ਜਾਰੀ ਕੀਤੇ ਗਏ

4374 ਪਿੰਡਾਂ ਵਿੱਚ ਸਾਲਿਡ ਵੇਸਟ ਪ੍ਰਬੰਧਨ ਲਈ 31 ਕਰੋੜ ਰੁਪਏ ਜਾਰੀ ਕੀਤੇ ਗਏ

ਮੰਤਰੀ ਦੀ ਅਗਵਾਈ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਸਹੁੰ ਚੁੱਕੀ

ਚੰਡੀਗੜ੍ਹ, ਜੂਨ 5

ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ।

ਅੱਜ ਇੱਥੇ ਪੰਜਾਬ ਭਵਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਉਂਦੇ ਹੋਏ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸੂਬੇ ਦੇ ਪਿੰਡਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਕਰਕੇ ਠੋਸ ਅਤੇ ਤਰਲ ਪ੍ਰਦੂਸ਼ਕਾਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਹੁਣ ਤੱਕ 13496.33 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ 4374 ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 3116.89 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਵਾਤਾਵਰਨ ਦੀ ਸੁਰੱਖਿਆ ਲਈ ਕੂੜਾ ਪ੍ਰਬੰਧਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ੍ਰੀ ਜਿੰਪਾ ਨੇ ਕਿਹਾ ਕਿ ਅੱਜਕੱਲ੍ਹ ਪੈਦਾ ਹੋਣ ਵਾਲੇ ਰਹਿੰਦ-ਖੂੰਹਦ ਵਿਚ ਗੈਰ-ਬਾਇਓਡੀਗਰੇਡੇਬਲ ਅਤੇ ਅਜੈਵਿਕ ਤੱਤ ਸ਼ਾਮਿਲ ਹਨ ਅਤੇ ਜੇਕਰ ਇਸ ਕੂੜੇ ਨੂੰ ਜਮੀਨ ਵਿੱਚ ਦੱਬਿਆ ਜਾਂਦਾ ਹੈ ਤਾਂ ਇਸ ਦੇ ਨਸ਼ਟ ਹੋਣ ਵਿੱਚ ਕਾਫ਼ੀ ਸਮਾਂ ਲੱਗੇਗਾ| ਉਨ੍ਹਾਂ ਕਿਹਾ ਕੂੜਾ ਪ੍ਰਬੰਧਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਕੂੜੇ ਵਿੱਚ ਮੌਜੂਦ ਇਨ੍ਹਾਂ ਤੱਤਾਂ ਦੇ ਜ਼ਹਿਰੀਲੇ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਂਦਾ ਹੈ ਅਤੇ ਅਜਿਹਾ ਨਾ ਕਰਨ ਤੇ ਪਾਣੀ, ਮਿੱਟੀ ਅਤੇ ਹਵਾ ਦੂਸ਼ਿਤ ਹੋ ਜਾਂਦੇ ਹਨ।

ਇਸ ਉਪਰੰਤ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਦੀ ਅਗਵਾਈ ਕਰਦਿਆਂ ਵਾਤਾਵਰਣ ਦੀ ਰੱਖਿਆ ਲਈ ਆਪਣੀਆਂ ਰੋਜਾਨਾਂ ਦੀਆਂ ਆਦਤਾਂ ਵਿੱਚ ਹਰ ਸੰਭਵ ਤਬਦੀਲੀ ਲਿਆਉਣ ਦੇ ਨਾਲ-ਨਾਲ ਹੋਰਨਾਂ ਨੂੰ ਵਾਤਾਵਰਣ ਪੱਖੀ ਅਭਿਆਸਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਵਿਸ਼ਵ ਅਤੇ ਮਨੁੱਖਤਾ ਦੇ ਸਾਹਮਣੇ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਮੁੱਖ ਚੁਣੌਤੀਆਂ ਹਨ ਅਤੇ ਇਸ ਨਾਲ ਹਰ ਇੱਕ ਦੇ ਯੋਗਦਾਨ ਨਾਲ ਹੀ ਨਿਪਟਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਲੋਕ ਵਾਤਾਵਰਨ ਪ੍ਰਦੂਸ਼ਣ ਦੇ ਕਾਰਨਾਂ ਤੋਂ ਭਲੀ-ਭਾਂਤ ਜਾਣੂ ਹਨ, ਇਸ ਲਈ ਹਰ ਇੱਕ ਨੂੰ ਰੋਜ਼ਾਨਾ ਦੇ ਕੰਮਾਂ ਅਤੇ ਆਦਤਾਂ ਵਿੱਚ ਬਦਲਾਅ ਲਿਆ ਕੇ ਵਾਤਾਵਰਨ ਦੀ ਸੁਰੱਖਿਆ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਬੱਚਤ, ਪਾਣੀ ਦੇ ਲੀਕੇਜ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਉਣ, ਕੂੜਾ ਕਰਕਟ ਪ੍ਰਬੰਧਨ, ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਲਈ ਇੱਕ ਮਿਸਾਲ ਕਾਇਮ ਕਰਨ।

[wpadcenter_ad id='4448' align='none']