ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਦਸੰਬਰ, 2024:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਪਿਛਲੇ ਛੇ ਮਹੀਨਿਆਂ ਦੌਰਾਨ 3.36 ਕਰੋੜ ਰੁਪਏ ਦੇ ਜੁਰਮਾਨੇ ਦੀ ਵਸੂਲੀ ਤੋਂ ਇਲਾਵਾ ਚਾਲੂ ਸਾਲ ਦੌਰਾਨ ਕੁੱਲ 14 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਦੇਣ ਦੀ ਵਚਨਬੱਧਤਾ ਦੇ ਤਹਿਤ ਅੱਜ ਜ਼ਿਲ੍ਹਾ ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਮੰਡਲ ਐਸ.ਏ.ਐਸ.ਨਗਰ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਨੂੰ ਤੇਜ਼ ਕਰਦਿਆਂ 76 ਦੇ ਕਰੀਬ ਵਾਹਨਾਂ ਦੇ ਚਲਾਨ ਕੱਟ ਕੇ ਉਨ੍ਹਾਂ ਨੂੰ ਜ਼ਬਤ ਕੀਤਾ ਗਿਆ ਹੈ। ਉਲੰਘਣਾ ਕਰਨ ਵਾਲਿਆਂ ਤੋਂ 275.5 ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਇਸੇ ਤਰ੍ਹਾਂ ਗੈਰ-ਕਾਨੂੰਨੀ ਥਾਵਾਂ ਤੋਂ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 37,58,188 ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਇਸ ਤੋਂ ਇਲਾਵਾ ਮਾਈਨਿੰਗ ਅਤੇ ਭੂ-ਵਿਗਿਆਨ ਨੀਤੀ ਦੀ ਉਲੰਘਣਾ ਕਰਨ ਵਾਲੇ ਸਟੋਨ ਕਰੱਸ਼ਰਾਂ ਤੋਂ 18,29,874 ਰੁਪਏ ਦੀ ਜੁਰਮਾਨਾ ਫੀਸ ਵਸੂਲੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਮਿਟ ਕੇ-1, ਕੇ-2 ਅਤੇ ਬੀਕੇਓ ਆਦਿ ਤਹਿਤ 1,70,65,456 ਰੁਪਏ ਦੀ ਪਰਮਿਟ ਫੀਸ ਦਾ ਮਾਲੀਆ ਆਇਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਅਤੇ ਭੂ-ਵਿਗਿਆਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਈਨਿੰਗ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।