ਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀ
ਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਆਮਦਨ ਹੋਵੇਗੀ
ਚੰਡੀਗੜ੍ਹ, 17 ਜੁਲਾਈ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ‘ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
————–