ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਪਿੰਡਾਂ ਵਿੱਚ 151 ਖੇਡ ਮੈਦਾਨ ਬਣਾਏ ਜਾਣੇ ਹਨ, ਜਿਨ੍ਹਾਂ ਵਿੱਚੋਂ 52 ਬਣ ਗਏ ਹਨ ਤੇ 85 ਸਬੰਧੀ ਕੰਮ ਜਾਰੀ ਹੈ। ਇਹਨਾਂ ਕਾਰਜਾਂ ਉੱਤੇ ਹੁਣ ਤੱਕ ਕਰੀਬ 525.8 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।
ਇਸ ਦੇ ਨਾਲ ਨਾਲ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ ਤਹਿਤ ਫੇਜ਼ 11, ਮੋਹਾਲੀ ਵਿਖੇ ਸਕੂਲ ਆਫ ਐਮੀਨੈਂਸ ਸ਼ੁਰੂ ਹੋ ਚੁੱਕਿਆ ਹੈ। ਖਰੜ ਤੇ ਡੇਰਾਬੱਸੀ ਵਿਖੇ ਬਣਨ ਵਾਲੇ ਸਕੂਲ ਆਫ ਐਮੀਨੈਂਸ ਦਾ ਕੰਮ ਵੀ ਜੰਗੀ ਪੱਧਰ ਉੱਤੇ ਜਾਰੀ ਹੈ, ਜਿਹੜੇ ਕਿ ਜਲਦ ਹੀ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਉਹਨਾਂ ਨੇ
ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਹਨਾਂ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਂਝਾ ਜੱਲ ਤਲਾਬ ਪ੍ਰੋਜੈਕਟ ਤਹਿਤ ਜ਼ਿਲ੍ਹੇ ਵਿੱਚ 82 ਤਲਾਬ ਬਣਨੇ ਹਨ, ਜਿਨ੍ਹਾਂ ਵਿਚੋਂ 63 ਤਲਾਬ ਬਣ ਗਏ ਹਨ। ਉਹਨਾਂ ਨੇ ਸੋਕ ਪਿਟਸ ਤੇ ਰੇਨ ਵਾਟਰ ਹਾਰਵੈਸਟਿੰਗ ਦੇ ਕਾਰਜ ਤੇਜ਼ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਸ਼੍ਰੀਮਤੀ ਚੌਧਰੀ ਨੇ ਦੱਸਿਆ ਕਿ ਐਗਰੋਫੌਰੈਸਟਰੀ ਤਹਿਤ ਡੇਰਾਬਸੀ ਦੇ ਪਿੰਡ ਕੁਰਨਵਾਲਾ ਵਿਖੇ 05 ਏਕੜ, ਖਰੜ ਦੇ ਨਬੀਪੁਰ ਵਿੱਚ 2.5 ਏਕੜ ਤੇ ਭਜਹੇੜੀ ਵਿੱਚ 17 ਏਕੜ, ਮਾਜਰੀ ਦੇ ਪਿੰਡ ਮਾਜਰਾ ਵਿੱਚ 2.5 ਏਕੜ ਅਤੇ ਮੋਹਾਲੀ ਦੇ ਪਿੰਡ ਦੈੜੀ ਵਿੱਚ 05 ਏਕੜ ਵਿੱਚ ਐਗਰੋਫੌਰੈਸਟਰੀ ਕਰਨ ਸਬੰਧੀ ਕਾਰਵਾਈ ਜਾਰੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਤੇ ਪੀ. ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਸੜਕਾਂ ਸਬੰਧੀ ਬਕਾਇਆ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਸ਼੍ਰੀਮਤੀ ਚੌਧਰੀ ਨੇ ਛਪੜਾਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ ਵੱਖ ਕਾਰਜ ਕਰਵਾਏ ਜਾਣ।
ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਉਹਨਾਂ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਮਿੰਨੀ ਜੰਗਲ ਵਿਕਸਤ ਕਰਨ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਛਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਖੁਦ ਫੀਲਡ ਵਿਚ ਜਾ ਕੇ ਪ੍ਰੋਜ਼ੈਕਟਾਂ ਦੀ ਨਿਗਰਾਨੀ ਕਰਨ। ਪਿੰਡਾਂ ਦੀ ਸਾਫ ਸਫਾਈ ਅਹਿਮ ਮਕਸਦ ਹੈ, ਜਿਸ ਵਾਸਤੇ ਜ਼ਿਲ੍ਹੇ ਦੇ ਬੀ.ਡੀ.ਓਜ਼ ਖੁਦ ਨਿਰੀਖਣ ਕਰਨ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਦੇ ਰੂਪ ਵਿਚ ਬਦਲਿਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ.ਮੋਹਾਲੀ ਸ਼੍ਰੀ ਦੀਪਾਂਕਰ ਗਰਗ, ਐੱਸ.ਡੀ.ਐਮ. ਡੇਰਾਬਸੀ ਸ਼੍ਰੀ ਹਿਮਾਂਸ਼ੂ ਗੁਪਤਾ ਅਤੇ ਐੱਸ.ਡੀ.ਐਮ. ਖਰੜ ਸ. ਗੁਰਮੰਦਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।