- ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ
- ਪਹਿਲੀ ਅਪਰੈਲ ਤੋਂ ਨਰਮੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਐਲਾਨ
- ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਤਾਇਨਾਤ ਕੀਤੀ ਜਾਵੇਗੀ ਪੁਲਿਸ
- ਬੁਢਾਪਾ ਪੈਨਸ਼ਨ, ਆਟਾ-ਦਾਲ ਅਤੇ ਹੋਰ 40 ਸੇਵਾਵਾਂ, ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰ ‘ਤੇ ਮੁਹੱਈਆ ਕਰਵਾਈਆ ਜਾਣਗੀਆਂ
- ਬੁਢਾਪਾ ਪੈਨਸ਼ਨ, ਆਟਾ-ਦਾਲ ਅਤੇ ਹੋਰ 40 ਸੇਵਾਵਾਂ, ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰ ‘ਤੇ ਮੁਹੱਈਆ ਕਰਵਾਈਆ ਜਾਣਗੀਆਂ
- ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ
- ਆਪਣੇ ਨਿੱਜੀ ਸਵਾਰਥਾਂ ਖਾਤਰ ਸੂਬੇ ਨੂੰ ਅਣਗੌਲਿਆ ਕਰਨ ਲਈ ਕਾਂਗਰਸ ਅਤੇ ਅਕਾਲੀਆਂ ਦੀ ਕੀਤੀ ਆਲੋਚਨਾ
578.28 CRORES PROJECT FAZILKA ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ 578.28 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਸਫ਼ਾਈ, ਭੰਡਾਰਨ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰਾਜੈਕਟ ਦਾ ਰਸਮੀ ਤੌਰ ਉਤੇ ਨੀਂਹ ਪੱਥਰ ਰੱਖਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਦੇ ਧਰਤੀ ਹੇਠਲੇ ਪਾਣੀ ਵਿੱਚ ਟੀ.ਡੀ.ਐਸ ਅਤੇ ਹੋਰ ਭਾਰੀ ਤੱਤ ਕਾਫ਼ੀ ਮਾਤਰਾ ਵਿੱਚ ਮੌਜੂਦ ਹਨ, ਜੋ ਕਿ ਹੈਪੇਟਾਈਟਸ ਸੀ, ਕੈਂਸਰ, ਚਮੜੀ ਰੋਗ ਆਦਿ ਘਾਤਕ ਬਿਮਾਰੀਆਂ ਦਾ ਮੁੱਖ ਕਾਰਨ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ‘ਤੇ ਬੱਲੂਆਣਾ ਹਲਕੇ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਵਿੱਚ ਪ੍ਰਾਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ ਅਬੋਹਰ, ਖੂਹੀਆਂ ਸਰਵਰ, ਅਰਨੀਵਾਲਾ ਅਤੇ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਦੇ 122 ਪਿੰਡਾਂ ਅਤੇ 15 ਢਾਣੀਆਂ (ਹੈਮਲੇਟ) ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਏਗਾ। 578.28 CRORES PROJECT FAZILKA
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ 79,190 ਘਰਾਂ ਦੀ 4,75,144 ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਨਿਰੋਲ ਨਹਿਰੀ ਪਾਣੀ ‘ਤੇ ਅਧਾਰਤ ਹੈ, ਜੋ ਕਿ 68 ਐਮ.ਐਲ.ਡੀ ਦੀ ਸਮਰੱਥਾ ਵਾਲਾ ਹੈ ਅਤੇ ਇਸ ਨੂੰ ਗੰਗ ਕੈਨਾਲ ਤੋਂ ਪਾਣੀ ਮਿਲੇਗਾ। ਇਹ ਪ੍ਰਾਜੈਕਟ ਸਿਰਫ਼ 30 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਹਰ ਘਰ ਤੱਕ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਲਾਰਸਨ ਐਂਡ ਟੂਬਰੋ ਵੱਲੋਂ ਲਗਭਗ 750 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ 21 ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਫ਼ਾਈ ਅਤੇ ਭੰਡਾਰਨ ਅਤੇ ਹੋਰ ਉਦੇਸ਼ਾਂ ਲਈ ਪ੍ਰਾਜੈਕਟ ਵਾਲੇ ਸਥਾਨ ‘ਤੇ ਐਸ ਐਂਡ ਐਸ ਟੈਂਕ, ਕਲੈਰੀਫਲੋਕੁਲੇਟਰ, ਫਿਲਟਰ ਹਾਊਸ, ਪੰਪ ਹਾਊਸ ਅਤੇ ਕਲੀਅਰ ਵਾਟਰ ਟੈਂਕ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਵਸਨੀਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਲੋਕਾਂ ਦੀ ਕਿਸਮਤ ਬਦਲ ਦੇਵੇਗਾ।
ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਮਹਿਲਾਵਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਵਿੱਚ ਕੁਦਰਤੀ ਤੌਰ ‘ਤੇ ਆਪਣੇ ਘਰ ਦੀ ਆਰਥਿਕਤਾ ਨੂੰ ਸੁਚੱਜੇ ਢੰਗ ਨਾਲ ਯੋਜਨਾਬੱਧ ਕਰਨ ਦੀ ਪ੍ਰਵਿਰਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਾਕਾਰਾਤਮਕ ਦਿਸ਼ਾ ਵਿੱਚ ਚੀਜ਼ਾਂ ਦੀ ਬਿਹਤਰ ਯੋਜਨਾ ਅਤੇ ਰਣਨੀਤੀ ਬਣਾ ਸਕਦੀਆਂ ਹਨ ਅਤੇ ਇਹ ਸਮਾਜ ਲਈ ਬਹੁਤ ਲਾਹੇਵੰਦ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸਰਕਾਰ ਨੇ ਇਸ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਮਹਿਲਾ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ ਤਾਂ ਜੋ ਸੂਬੇ ਅਤੇ ਖਾਸ ਕਰਕੇ ਜ਼ਿਲ੍ਹੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਮਹਿਲਾਵਾਂ ਨੂੰ ਸਰਗਰਮ ਭਾਗੀਦਾਰ ਬਣਨ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਮਹਿਲਾਵਾਂ ਨੂੰ 12 ਟਿਕਟਾਂ ਅਲਾਟ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਸਾਰਿਆਂ ਨੇ ਭਾਰੀ ਫ਼ਤਵਾ ਲੈ ਕੇ ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਮਹਿਲਾਵਾਂ ਸਮਾਜ ਵਿੱਚ ਲੋੜੀਂਦੇ ਬਦਲਾਅ ਲਿਆਉਣ ਲਈ ਤਬਦੀਲੀ ਦੇ ਉਤਪ੍ਰੇਰਕ ਵਜੋਂ ਕੰਮ ਕਰਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।
ਇੱਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਲਈ ਨਰਮੇ ਦੀ ਫ਼ਸਲ ਵਾਸਤੇ ਨਹਿਰੀ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਨੂੰ ਰੋਕਣ ਲਈ ਪੁਲਿਸ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਕਿਸਾਨ ਨੂੰ ਆਪਣੀ ਵਾਰੀ ਅਨੁਸਾਰ ਪਾਣੀ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਦੋ ਮਹੀਨਿਆਂ ਅੰਦਰ ਸੂਬੇ ਦੀ ਸਮੁੱਚੇ ਨਹਿਰੀ ਪ੍ਰਣਾਲੀ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। 578.28 CRORES PROJECT FAZILKA
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਬੁਢਾਪਾ ਪੈਨਸ਼ਨ, ਆਟਾ-ਦਾਲ ਅਤੇ ਹੋਰ 40 ਸੇਵਾਵਾਂ ਲੋਕਾਂ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਢਲਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਵੱਧ ਤੋਂ ਵੱਧ ਖੇਤਰੀ ਖਾਸ ਕਰਕੇ ਪਿੰਡਾਂ ਵਿੱਚ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਨੂੰ ਮੁਸ਼ਕਲ ਰਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵੱਲ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 11 ਮਹੀਨਿਆਂ ਵਿੱਚ ਲੋਕਾਂ ਨਾਲ ਕੀਤੇ ਮੁੱਖ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਹੱਬ ਵਜੋਂ ਉਭਾਰਨ ਲਈ ਸੂਬੇ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੰਬਰ-ਦਸੰਬਰ, 2022 ਦੇ ਮਹੀਨੇ ਦੌਰਾਨ ਸੂਬੇ ਦੇ 87 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ 117 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਬਣਨ ਦੇ ਕੁਝ ਮਹੀਨਿਆਂ ਅੰਦਰ ਹੀ 26000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਏ ਨਿਵੇਸ਼ਕ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੌਰਾਨ ਉੱਘੇ ਉਦਯੋਗਪਤੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇੱਕ ਪਾਸੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉਥੇ ਹੀ ਦੂਜੇ ਪਾਸੇ ਸੂਬੇ ਦੇ ਵੱਡੇ ਪੱਧਰ ‘ਤੇ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ।
ਕਾਂਗਰਸ ਅਤੇ ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਨਿੱਜੀ ਸਵਾਰਥਾਂ ਖਾਤਰ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਮੋਹ ਵਿੱਚ ਅਕਾਲੀ ਦਲ ਦੀ ਬੇੜੀ ਡੋਬ ਦਿੱਤੀ।
ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਇਕ ਵਾਰ ਵੀ ਇਨ੍ਹਾਂ ਇਲਾਕਿਆਂ ਦਾ ਦੌਰਾ ਨਹੀਂ ਕੀਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਲੁੱਟਣ ਵਾਲਿਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੂੰ ਕੀਤੇ ਗਏ ਹਰ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਆਗੂਆਂ ਜਾਂ ਅਫਸਰਾਂ ਵੱਲੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਹਰ ਹੀਲੇ ਵਸੂਲੀ ਕੀਤੀ ਜਾਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਹੁਣ ਦੂਰ ਨਹੀਂ ਕਿਉਂਕਿ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਚਲਾਨ ਪਹਿਲਾਂ ਹੀ ਪੇਸ਼ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ। 578.28 CRORES PROJECT FAZILKA
Also Read : ਰਾਸ਼ੀਫਲ ਅੱਜ, ਫਰਵਰੀ 27, 2023