59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ


ਚੰਡੀਗੜ੍ਹ, 28 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ਵਿੱਚ ਰਿਕਾਰਡ 4.13 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ। 

ਝੋਨੇ ਦੀਆਂ ਅਦਾਇਗੀਆਂ ਬਾਰੇ ਗੱਲ ਕਰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ।

ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

[wpadcenter_ad id='4448' align='none']