ਜ਼ਮਾਨਤ ਲੈਣ ‘ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 28 ਅਕਤੂਬਰ :

ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

READ ALSO : ਵਿਧਾਇਕ ਅਮਰਗੜ੍ਹ ਅਤੇ ਮਾਲੇਰਕੋਟਲਾ ਸਮੇਤ ਏ.ਡੀ.ਜੀ.ਪੀ.ਅਤੇ ਡਿਪਟੀ ਕਮਿਸ਼ਨਰ ਵਲੋਂ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

[wpadcenter_ad id='4448' align='none']