SGPC Internal Committee Meeting:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ ਵੀਰਵਾਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਪੱਤਰ ਤੋਂ ਇੱਕ ਦਿਨ ਬਾਅਦ ਸੱਦੀ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਦਰਅਸਲ ਗਿਆਨੀ ਰਘਬੀਰ ਸਿੰਘ ਨੇ ਮੰਗਲਵਾਰ ਨੂੰ ਐਸਜੀਪੀਸੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਨੂੰ ਪੱਤਰ ਲਿਖ ਕੇ ਬੰਦੀ ਸਿੱਖਾਂ ਦੀ ਰਿਹਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਦੋਵਾਂ ਕਮੇਟੀਆਂ ਨੂੰ ਆਪਣੇ ਵੱਲੋਂ ਕੀਤੇ ਗਏ ਯਤਨਾਂ ਦੀ ਰਿਪੋਰਟ ਦੋ ਦਿਨਾਂ ਅੰਦਰ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ, ਜਿਸ ਦਾ ਸਮਾਂ ਸ਼ੁੱਕਰਵਾਰ ਨੂੰ ਖ਼ਤਮ ਹੋ ਰਿਹਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ
ਮੰਗਲਵਾਰ ਨੂੰ ਲਿਖਿਆ ਇਹ ਪੱਤਰ ਇੱਕ ਯਾਦ ਪੱਤਰ ਸੀ। ਦੱਸ ਦੇਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਗਿਆਨੀ ਰਘਬੀਰ ਸਿੰਘ ਨੇ ਦੋਵਾਂ ਜਥੇਬੰਦੀਆਂ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਉਪਰਾਲੇ ਕਰਨ ਅਤੇ ਇਸ ਸਬੰਧੀ ਰਿਪੋਰਟ ਦੇਣ ਲਈ ਕਿਹਾ ਸੀ।
ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗਿਆਨੀ ਰਘਬੀਰ ਸਿੰਘ ਵੱਲੋਂ ਦੋ ਹਫ਼ਤੇ ਪਹਿਲਾਂ ਦਿੱਤੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਯਤਨ ਸ਼ੁਰੂ ਕਰ ਦਿੱਤੇ ਸਨ। 25 ਨਵੰਬਰ ਨੂੰ ਹੀ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੁੱਧੀਜੀਵੀਆਂ ਤੇ ਸਿੱਖ ਵਕੀਲਾਂ ਦੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਸਾਰਿਆਂ ਨੇ ਫੈਸਲਾ ਕੀਤਾ ਕਿ ਇੱਕ ਵੱਡੇ ਪੱਧਰ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਵਿਸ਼ਵ ਪੱਧਰ ‘ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਇਕੱਠਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਡਾਕੂਮੈਂਟਰੀ ਵੀ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਬੰਦੀ ਸਿੱਖਾਂ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ। ਇੰਨਾ ਹੀ ਨਹੀਂ ਪੂਰੇ ਦੇਸ਼ ਵਿੱਚੋਂ ਅਜਿਹੇ ਕੇਸਾਂ ਦਾ ਰਿਕਾਰਡ ਤਿਆਰ ਕੀਤਾ ਜਾਵੇਗਾ, ਜਿਸ ਦੀਆਂ ਉਦਾਹਰਣਾਂ ਦੇ ਕੇ ਬੰਦੀ ਸਿੱਖਾਂ ਦੀਆਂ ਸਜ਼ਾਵਾਂ ਨੂੰ ਘੱਟ ਕੀਤਾ ਜਾ ਸਕੇ।
SGPC Internal Committee Meeting: