ਗੁਰਦਾਸਪੁਰ, 2 ਦਸੰਬਰ
ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ 1854 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ/ਐਲਾਨ/ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੇ ਹੋਏ ਇਸ ਭਾਰੀ ਇਕੱਠ ਨੇ ਉਨ੍ਹਾਂ ਨੂੰ ਸੂਬੇ ਅਤੇ ਇਸ ਦੇ ਲੋਕਾਂ ਦੀ ਹੋਰ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਦੇ ਜਜ਼ਬੇ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ ਅਤੇ ਇੱਥੋਂ ਦੇ ਲੋਕ ਸੁਭਾਅ ਪੱਖੋਂ ਬਹਾਦਰ ਤੇ ਮਿਹਨਤੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਤੋਂ ਚੁਣੇ ਹੋਏ ਆਗੂ ਹਮੇਸ਼ਾ ਅਹਿਮ ਅਹੁਦਿਆਂ ਉਤੇ ਰਹੇ ਪਰ ਉਨ੍ਹਾਂ ਕਦੇ ਵੀ ਇਸ ਖਿੱਤੇ ਤੇ ਇਸ ਦੇ ਲੋਕਾਂ ਦੇ ਵਿਕਾਸ ਦੀ ਪਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਵਾਲੇ ਪ੍ਰਾਜੈਕਟਾਂ ਨੂੰ ਸੂਬਾ ਸਰਕਾਰ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਪ੍ਰਾਜੈਕਟ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿੰਦੇ ਸਨ ਅਤੇ ਉਨ੍ਹਾਂ ਦਾ ਆਮ ਲੋਕਾਂ ਦੀ ਭਲਾਈ ਨਾਲ ਕੋਈ ਸਰੋਕਾਰ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਿਰਫ਼ ਸੜਕਾਂ ਦੇ ਤਖ਼ਮੀਨਿਆਂ ਵਿੱਚੋਂ ਹੀ ਸਰਕਾਰ ਨੇ 163.26 ਕਰੋੜ ਰੁਪਏ ਦੀ ਬੱਚਤ ਕੀਤੀ ਹੈ ਅਤੇ 546 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਪਤਾ ਚੱਲਿਆ ਹੈ, ਜਿਨ੍ਹਾਂ ਦੀ ਕੋਈ ਹੋਂਦ ਹੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਪੈਸੇ ਦੀ ਇਹ ਲੁੱਟ ਰੁਕੀ ਹੈ ਅਤੇ ਹੁਣ ਕਰਦਾਤਾਵਾਂ ਦਾ ਪੈਸਾ ਹੜੱਪ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਾਰਨ ਲੋਕ ਹਮੇਸ਼ਾ ਸਾਡੀ ਪਾਰਟੀ ਦੀ ਹਮਾਇਤ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਪਾਰਟੀ ਨੂੰ ਆਪਣੀ ਹੋਂਦ ਦੇ ਮਹਿਜ਼ 11 ਸਾਲਾਂ ਵਿੱਚ ਹੀ ਕੌਮੀ ਪਾਰਟੀ ਦਾ ਦਰਜਾ ਮਿਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ, ਮਿਆਰੀ ਸਿੱਖਿਆ ਅਤੇ ਲੋਕਾਂ ਲਈ ਚੰਗੀਆਂ ਸਿਹਤ ਸਹੂਲਤਾਂ, ਸਨਅਤੀ ਤੇ ਹੋਰ ਖ਼ੇਤਰਾਂ ਲਈ ਵੱਧ ਤੋਂ ਵੱਧ ਨਿਵੇਸ਼ ਜੁਟਾ ਕੇ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਨਾਲ ਵਿਦੇਸ਼ਾਂ ਵਿੱਚੋਂ ਸੂਬੇ ਦੇ ਨੌਜਵਾਨਾਂ ਦੀ ਵਾਪਸੀ ਦਾ ਰੁਝਾਨ ਸ਼ੁਰੂ ਹੋਇਆ ਹੈ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਆਰ.ਡੀ.ਐਫ. ਦਾ ਸੂਬੇ ਦਾ ਬਣਦਾ ਹਿੱਸਾ ਰੋਕ ਦਿੱਤਾ ਹੈ, ਜਿਸ ਨਾਲ ਪੇਂਡੂ ਖ਼ੇਤਰਾਂ ਦੇ ਵਿਕਾਸ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੀ.ਐਸ.ਟੀ. ਦੇ ਮਾਮਲੇ ਵਿੱਚ ਕੀਤਾ ਗਿਆ ਹੈ ਅਤੇ ਲੰਮੇ ਸਮੇਂ ਤੋਂ ਫੰਡ ਜਾਰੀ ਨਾ ਕਰ ਕੇ ਭਾਜਪਾ ਆਪਣਾ ਪੰਜਾਬ ਵਿਰੋਧੀ ਚਿਹਰਾ ਜੱਗ-ਜ਼ਾਹਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਰੇਕ ਕਦਮ ਪੰਜਾਬ ਤੇ ਪੰਜਾਬੀਆਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਲਈ ਚੁੱਕਿਆ ਜਾ ਰਿਹਾ ਹੈ ਪਰ ਅਸੀਂ ਕਦੇ ਵੀ ਉਨ੍ਹਾਂ ਸਾਹਮਣੇ ਨਹੀਂ ਝੁਕਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।