ਅੰਤਰਰਾਸ਼ਟਰੀ ਜੱਟ ਫੈਡਰੇਸ਼ਨ ਵੱਲੋਂ ਨੌਜਵਾਨਾਂ ਨੂੰ ਇਤਿਹਾਸ ਨਾਲ ਜੋੜਨ ਅਤੇ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ
- ਪੰਜਾਬ ਦਾ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜੇਮਾਜਰਾ ਨੇ ਫਤਹਿਗੜ੍ਹ ਸਾਹਿਬ ਤੋਂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
-ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਸ਼ੰਭੂ ਵਿਖੇ ਸਮਾਪਤ ਹੋਵੇਗੀ ਸਾਈਕਲ ਰੈਲੀ
-ਜੇਤੂਆਂ ਨੂੰ ਦਿੱਤੇ ਜਾਣਗੇ ਨਕਦ ਇਨਾਮ
ਫਤਹਿਗੜ੍ਹ ਸਾਹਿਬ, 09 ਦਸੰਬਰ
ਅੰਤਰਰਾਸ਼ਟਰੀ ਜੱਟ ਫੈਡਰੇਸ਼ਨ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਗੌਰਵਮਈ ਇਤਿਹਾਸ ਨਾਲ ਨੌਜਵਾਨ ਪੀੜੀ ਨੂੰ ਜੋੜਨ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ ਜੋ ਕਿ ਇੱਕ ਬਹੁਤ ਹੀ ਉੱਤਮ ਉਪਰਾਲਾ ਹੈ। ਵੱਖ ਵੱਖ ਸੰਸਥਾਵਾਂ ਵੱਲੋਂ ਕੀਤੇ ਜਾਣ ਵਾਲੇ ਅਜਿਹੇ ਕਾਰਜ ਸਮਾਜ ਨੂੰ ਨਵੀਂਆਂ ਲੀਹਾਂ ਤੇ ਤੋਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੰਤਰਰਾਸ਼ਟਰੀ ਜੱਟ ਫੈਡਰੇਸ਼ਨ ਵੱਲੋਂ ਫਤਹਿਗੜ੍ਹ ਸਾਹਿਬ ਤੋਂ ਸੁਰੂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਸ਼ੰਭੂ ਵਿਖੇ ਸਮਾਪਤ ਹੋਵੇਗੀ। ਇਸ
ਸਾਈਕਲ ਦੌੜ ਵਿੱਚ ਜੇਤੂਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਜਿਸ ਵਿੱਚ ਪਹਿਲੇ ਨੰਬਰ ਤੇ ਆਉਣ ਵਾਲੇ ਨੋਜਵਾਨ ਨੂੰ 71 ਹਜਾਰ ਰੁਪਏ, ਦੂਜੇ ਨੰਬਰ ਤੇ ਆਉਣ ਵਾਲੇ ਨੂੰ 51 ਹਜਾਰ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਨੌਜਵਾਨ ਨੂੰ 31ਹਜਾਰ ਰੁਪਏ ਦੇ ਨਕਦ ਇਨਾਮ ਵੀ ਦਿੱਤੇ ਜਾਣਗੇ। ਸ. ਜੌੜੇਮਾਜਰਾ ਨੇ ਕਿਹਾ ਕਿ ਅਜਿਹੇ ਉਪਰਾਲੇ ਕਰਨ ਨਾਲ ਨੌਜਵਾਨਾਂ ਵਿੱਚ ਹੋਰ ਵੀ ਉਤਸ਼ਾਹ ਪੈਦਾ ਹੁੰਦਾ ਹੈ ਤੋ ਉਹ ਅੱਗੇ ਤੋਂ ਹੋਰ ਵੀ ਵੱਧ ਚੜ੍ਹ ਕੇ ਅਜਿਹੇ ਮੁਕਾਬਿਲਾਂ ਵਿੱਚ ਹਿੱਸਾ ਲੈਣਗੇ ਅਤੇ ਆਪਣੇ ਸਾਥੀਆਂ ਨੂੰ ਵੀ ਪ੍ਰੇਰਿਤ ਕਰਨਗੇ।
ਸ. ਜੌੜੇਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸਦੇ ਨਾਲ ਨਾਲ ਨਸ਼ਿਆਂ ਨੂੰ ਖਤਮ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਕਰ ਰਹੀ ਹੈ।
ਉਨ੍ਹਾਂ ਬਾਕੀ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਸਮਾਜ ਦੇ ਉਥਾਨ ਵਾਸਤੇ ਅਜਿਹ ਕਾਰਜ ਕਰਨ ਚਾਹੀਦੇ ਹਨ ਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਅੰਤਰਰਾਸ਼ਟਰੀ ਜੱਟ ਫੈਡਰੇਸ਼ਨ ਵੱਲੋਂ ਸ.ਰਣਜੀਤ ਸਿੰਘ ਅਤੇ ਫੈਡਰੇਸ਼ਨ ਦੇ ਹੋਰ ਆਹੁਦੇਦਾਰ ਹਾਜਰ ਸਨ।