ਲੁਧਿਆਣਾ, 10 ਦਸੰਬਰ
ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ ‘ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ।