ਲੁਧਿਆਣਾ, 10 ਦਸੰਬਰ
ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ’ ਸ਼ੁਰੂ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਸੂਝ-ਬੂਝ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਨਾਲ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਹਥੌੜੇ ਵਾਂਗ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦਾ ਦਿਨ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਹੁਣ ਅੱਜ ਦੇ ਦਿਨ ਨੂੰ ਪੰਜਾਬ ਵਿੱਚੋਂ ‘ਭ੍ਰਿਸ਼ਟਾਚਾਰ ਤੋਂ ਆਜ਼ਾਦੀ’ ਦੇ ਦਿਹਾੜੇ ਵਜੋਂ ਯਾਦ ਕੀਤਾ ਜਾਵੇਗਾ।