ਨਸ਼ਿਆਂ ਦੀ ਰੋਕਥਾਮ ਤੇ ਜਾਗਰੂਕਤਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਵਿਲੱਖਣ ਪਹਿਲ ਕਦਮੀ

ਬਠਿੰਡਾ, 29 ਦਸੰਬਰ : 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਡ ਮੈਦਾਨਾਂ ਤੇ ਪਾਰਕਾਂ ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਹਿੱਤ ਵਾਲੀਬਾਲ ਤੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਵਿਦਿਆਰਥੀਆਂ ਚ ਵੱਧ ਤੋਂ ਵੱਧ ਪੈਫ਼ਲੈਟ ਵੰਡ ਕੇ ਪ੍ਰਚਾਰ ਕੀਤਾ ਜਾਵੇ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਵੇਂ ਸਾਲ ਦੇ ਪਹਿਲੇ ਹਫ਼ਤੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਬੱਚਿਆਂ ਅਤੇ ਨੌਜਵਾਨਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾਣਗੇ, ਇਨ੍ਹਾਂ ਪਤੰਗਾਂ ਤੇ ਨਸ਼ਿਆਂ ਦੇ ਖਿਲਾਫ਼ ਸਲੋਗਨ ਆਦਿ ਵੀ ਲਿਖੇ ਹੋਣਗੇ ਜੋ ਕਿ ਨੋਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ।

ਉਨ੍ਹਾਂ ਇਹ ਵੀ ਕਿਹਾ ਕਿ ਪਤੰਗਬਾਜ਼ੀ ਦੇ ਮੁਕਾਬਲੇ ਚ ਸ਼ਾਮਲ ਹੋਣ ਲਈ ਪੁਲਿਸ ਵਿਭਾਗ ਵਲੋਂ ਇੱਕ ਪੋਰਟਲ ਜਾਰੀ ਕੀਤਾ ਜਾਵੇਗਾ ਜਿਸ ਤੇ ਚਾਹਵਾਨ ਵਿਅਕਤੀ ਆਨਲਾਇਨ ਰਜਿਸਟੇਰਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਪਤੰਗ ਤੇ ਡੋਰ ਪੁਲਿਸ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।  

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਬੀੜ ਤਲਾਬ ਤੇ ਹੋਰ ਅਜਿਹੀਆਂ ਬਸਤੀਆਂ ਚ ਪੁਲਿਸ ਵਿਭਾਗ ਵਲੋਂ ਲਗਾਤਾਰ ਵਿਸ਼ੇਸ਼ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਕਿਸੇ ਵੀ ਨਸ਼ੇ ਦੇ ਸੌਦਾਗਰ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖ਼ਸ਼ੇਗੀ। ਪੁਲਿਸ ਵਿਸ਼ੇਸ਼ ਤੌਰ ਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹ ਵਿੱਚ ਸੁਟਣਾ, ਜੋ ਨਸ਼ਾ ਕਰਦੇ ਹਨ ਉਨ੍ਹਾਂ ਨੂੰ ਇਸ ਚੁੰਗਲ ਤੋਂ ਬਾਹਰ ਕੱਢਣਾ ਅਤੇ ਜੋ ਵਿਅਕਤੀ ਕੋਈ ਨਸ਼ਾ ਨਹੀਂ ਕਰਦੇ ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਇਸ ਦੇ ਸੇਵਨ ਤੋਂ ਬਚਾਈ ਰੱਖਣ ਦੀ ਨੀਤੀ ਤੇ ਕੰਮ ਕਰ ਰਹੀ ਹੈ।

ਇਸ ਮੌਕੇ ਐਸਪੀ ਸ਼੍ਰੀ ਅਜੈ ਗਾਂਧੀ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਮੈਡਮ ਬਲਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ ਕੁਮਾਰ, ਡਾ. ਅਰੁਣ ਬਾਂਸਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ। 

[wpadcenter_ad id='4448' align='none']