26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਅੰਮ੍ਰਿਤਸਰ, 5 ਜਨਵਰੀ 2024

26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਅਮਨ ਅਰੋੜਾ ਮੰਤਰੀ ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਪੰਜਾਬ ਹੋਣਗੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਾਮਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 19 ਜਨਵਰੀ ਤੋਂ ਸ਼ੁਰੂ ਹੋਵੇਗੀ, ਜਦਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐੱਸ.ਡੀ.ਐੱਮ. ਸ੍ਰੀ ਨਿਕਾਸ ਕੁਮਾਰ ਅਤੇ ਸ: ਮਨਕੰਵਲ ਚਾਹਲ,  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਵਿਵੇਕ ਮੋਦੀ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਕੁਲਦੀਪ ਕੌਰ, ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

[wpadcenter_ad id='4448' align='none']