ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ-ਕਾਰਜਕਾਰੀ ਪ੍ਰਧਾਨ ਆਪ ਬੁੱਧ ਰਾਮ

ਮਾਨਸਾ, 06 ਫਰਵਰੀ:
ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਹੋਣ ਵਾਲੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਹਟਾਉਣ ਦੇ ਫੈਸਲੇ ਨੂੰ ਲੈ ਕੇ ਖੁਸ਼ੀ ਜ਼ਾਹਿਰ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਲੋੜਵੰਦ ਲੋਕਾਂ ਦੇ ਆਟਾ ਦਾਲ ਸਕੀਮ ਦੇ ਰਾਸ਼ਨ ਕਾਰਡਾਂ ਵਿਚ ਕੀਤੀ ਕਟੌਤੀ ਨੂੰ ਰਾਜ ਸਰਕਾਰ ਵੱਲੋਂ ਮੁੜ ਤੋਂ ਬਹਾਲ ਕਰਕੇ ਲੋੜਵੰਦਾਂ ਗਰੀਬਾਂ ਨੂੰ ਬਹੁਤ ਵੱਡਾ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਸੂਬੇ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਹਰੇਕ ਸਬ ਡਵੀਜਨ ਪੱਧਰ ’ਤੇ 4 ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਲੋਕਾਂ ਲਈ ਲਾਹੇਵੰਦ ਸਾਬਿਤ ਹੋਣਗੇ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਰਾਜ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।
ਸ਼ਹਿਰੀ ਖੇਤਰ ਵਿਚ ਰਜਿਸਟਰੀ ਤੋਂ ਐਨ.ਓ.ਸੀ. ਦੀ ਸ਼ਰਤ ਹਟਾਉਣ ’ਤੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਰਮਨ ਗੁੜੱਦੀ ਅਤੇ ਟਰੇਡ ਵਿੰਗ ਵੱਲੋਂ ਸੁਨੀਲ ਸ਼ੈਂਟੀ, ਹਰਵਿੰਦਰ ਸੇਖੋਂ ਅਤੇ ਰਵਿੰਦਰ ਕੁਮਾਰ ਠੇਕੇਦਾਰ ਨੇ ਰਾਜ ਸਰਕਾਰ ਦੇ ਇਸ ਫੈਸਲੇ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦਾ ਧੰਨਵਾਦ ਕੀਤਾ।

[wpadcenter_ad id='4448' align='none']