ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਭਗਵੰਤ ਮਾਨ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ। ਇਸ ਕਾਰਨ ਪਲਾਂਟ ਦੀ ਦੁੱਧ ਸੰਭਾਲਣ ਦੀ ਸਮਰੱਥਾ 1.25 ਲੱਖ ਲੀਟਰ ਤੋਂ ਵੱਧ ਕੇ 6 ਲੱਖ ਲੀਟਰ ਹੋ ਗਈ ਹੈ। ਪਲਾਂਟ ਦੀ ਲਾਗਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਦੇ ਇਲਾਵਾ ਲੈਦਰ ਕੰਪਲੈਕਸ ਦੀਆਂ ਸੜਕਾਂ ਅਤੇ ਲਾਈਟਾਂ ਦਾ 5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।
ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੀ ਰਾਹ ‘ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਨੂੰ ਸ਼ੀਸ਼ੇ ਵਾਂਗੂ ਚਮਕਾ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ 4-5 ਤਰੱਕੀ ਦੇ ਬਟਨ ਦੱਬਦਾ ਹਾਂ। ਮੀਂਹ ਅਤੇ ਗੜ੍ਹੇਮਾਰੀ ਕਾਰਨ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲ ਦੇ ਮੁਆਵਜ਼ੇ ਬਾਰੇ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਦੀ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਸਰਕਾਰ ਦੇ ਅੱਗੇ ਦੇ ਪਲਾਨ ਬਾਰੇ ਦੱਸਦੇ ਹੋਏ ਕਿਹਾ ਕਿ ਵੇਰਕਾ ਨੂੰ ਪੰਜਾਬ ਦਾ ਕਮਾਊ ਪੁੱਤ ਬਣਾ ਰਹੇ ਹਾਂ ਅਤੇ ਦਿੱਲੀ ਅਤੇ ਹਿਮਾਚਲ ਤੱਕ ਵੇਰਕਾ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰਜ਼ੇ ਦਾ 36 ਹਜ਼ਾਰ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੀ ਲੀਹ ਜਿਹੜੀ ਪਾਈ ਗਈ ਹੈ, ਉਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋਕ ਆਪਣਾ ਸਹਿਯੋਗ ਦਿੰਦੇ ਰਹਿਣ। ਉਥੇ ਹੀ ਇਸ ਮੌਕੇ ਵੇਰਕਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਟ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਪਤਾ ਲੱਗਾ ਹੈ ਕਿ ਸੀ. ਐੱਮ. ਮਾਨ ਲੋਕ ਸਭਾ ਜ਼ਿਮਨੀ ਚੋਣਾਂ ਸਬੰਧੀ ਪਾਰਟੀ ਵਿਧਾਇਕਾਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਦੱਸ ਦੇਈਏ ਕਿ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਰਹੇ ਜਗਬੀਰ ਬਰਾੜ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਥੇ ਹੀ ਅੱਜ ਵੀ ਕਈ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
read also : ਅਮ੍ਰਿਤਪਾਲ ਦਾ ਖਾਸ ਗੰਨਮੈਨ ਗ੍ਰਿਫਤਾਰ ,ਲਗਾਇਆ ਗਿਆ NSA ( ਨੈਸ਼ਨਲ ਸਕਿਉਰਿਟੀ ਐਕਟ )