Govt Of Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ (Aam Aadmi Party Punjab) ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਨੌਕਰੀਆਂ ਮਿਲਣ ਕਾਰਨ ਨੌਜਵਾਨਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਲਗਪਗ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
READ ALSO:ਮਹਿਲਾ ਦਿਵਸ ਤੇ PM ਮੋਦੀ ਦਾ ਵੱਡਾ ਐਲਾਨ,LPG ਸਿਲੰਡਰ ਕੀਤੇ ਸਸਤੇ
ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ।
Govt Of Punjab