ਬਠਿੰਡਾ, 18 ਮਈ : ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਵੱਲੋਂ ਅੱਜ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਉਥੇ ਰਹਿ ਰਹੇ ਹਵਾਲਾਤੀਆਂ/ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੁ਼ਸ਼ਕਿਲਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਇਸ ਮੌਕੇ ਜੇਲ੍ਹ ਹਵਾਲਾਤੀਆਂ/ਕੈਦੀਆਂ ਨੂੰ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਖੇ ਅਪੀਲ ਕਰਨ ਲਈ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਵਾਲਾਤੀਆਂ/ਕੈਦੀਆਂ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਤੋਂ ਇਲਾਵਾ ਮਾਣਯੋਗ ਜੱਜ ਸਾਹਿਬ ਨੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਮੁਫਤ ਕਾਨੂੰਨੀ ਸਹਾਇਤਾ ਦੇ ਪੈਨਲ ਅਤੇ ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਸਕੀਮ ਦਾ ਲਾਹਾ ਯੋਗ ਪ੍ਰਾਰਥੀਆਂ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣ ਦੀ ਹਦਾਇਤ ਕੀਤੀ ਤਾਂ ਜੋ ਕੋਈ ਵੀ ਵਿਅਕਤੀ ਨਿਆਂ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸਿਵਲ ਜੱਜ (ਸ.ਡ.)/ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਸੁਰੇਸ਼ ਕੁਮਾਰ ਗੋਇਲ ਵੀ ਮੌਜੂਦ ਸਨ।