ਜਨਰਲ ਆਬਜ਼ਰਵਰ ਵੱਲੋਂ ਮਾਈਕਰੋ-ਆਬਜ਼ਰਵਰਾਂ ਨੂੰ ਨਿਰਦੇਸ਼, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇ

ਲੁਧਿਆਣਾ, 25 ਮਈ (000) – ਲੁਧਿਆਣਾ ਸੰਸਦੀ ਹਲਕੇ ਦੇ ਸੰਵੇਦਨਸ਼ੀਲ ਪੋਲਿੰਗ ਸਥਾਨਾਂ ‘ਤੇ ਮਾਈਕਰੋ ਅਬਜ਼ਰਵਰਾਂ ਨੂੰ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਉਣ ਲਈ, ਸ਼ਨੀਵਾਰ ਨੂੰ ਖਾਲਸਾ ਕਾਲਜ (ਲੜਕੀਆਂ) ਵਿਖੇ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ।

ਮੀਟਿੰਗ ਵਿੱਚ ਜਨਰਲ ਅਬਜ਼ਰਵਰ ਲੁਧਿਆਣਾ ਸੰਸਦੀ ਹਲਕਾ ਦਿਵਿਆ ਮਿੱਤਲ ਆਈ.ਏ.ਐਸ. ਨੇ ਵੀ ਸ਼ਿਰਕਤ ਕੀਤੀ ਅਤੇ ਮਾਈਕਰੋ ਅਬਜ਼ਰਵਰਾਂ ਨੂੰ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਹਰ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ ਅਤੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚੜ੍ਹ ਸਕੇ।

ਜਨਰਲ ਅਬਜ਼ਰਵਰ ਦਿਵਿਆ ਮਿੱਤਲ ਵੱਲੋਂ, ਮਾਈਕਰੋ ਅਬਜ਼ਰਵਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਕੰਨ ਅਤੇ ਅੱਖਾਂ ਦੱਸਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਮਾਈਕਰੋ-ਅਬਜ਼ਰਵਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਨੂੰ 1 ਜੂਨ (ਪੋਲਿੰਗ ਵਾਲੇ ਦਿਨ) ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ‘ਤੇ ਨੇੜਿਓਂ ਨਜ਼ਰ ਰੱਖਣੀ ਚਾਹੀਦੀ ਹੈ।

ਜਨਰਲ ਅਬਜ਼ਰਵਰ ਦਿਵਿਆ ਮਿੱਤਲ ਵੱਲੋਂ ਮਾਈਕਰੋ ਅਬਜ਼ਰਵਰਾਂ ਨੂੰ ਉਨ੍ਹਾਂ ਦੀ ਟੀਮ ਦਾ ਅਹਿਮ ਅੰਗ ਦੱਸਦਿਆਂ ਕਿਹਾ ਕਿ ਜੇਕਰ ਪੋਲਿੰਗ ਸਟੇਸ਼ਨ ‘ਤੇ ਕਿਸੇ ਕਿਸਮ ਦੀ ਉਲੰਘਣਾ ਹੁੰਦੀ ਹੈ ਤਾਂ ਮਾਈਕਰੋ ਅਬਜ਼ਰਵਰ  ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕਰਨ ਜਾਂ ਉਨ੍ਹਾਂ (ਦਿਵਿਆ ਮਿੱਤਲ) ਦੇ ਸਥਾਨਕ ਨੰਬਰ (78142-11934) ‘ਤੇ ਸਿੱਧਾ ਸੰਪਰਕ ਕਰ ਸਕਦੇ ਹਨ।

ਆਪਣੇ ਪੁਰਾਣੇ ਤਜ਼ਰਬੇ ਨੂੰ ਸਾਂਝਾ ਕਰਦਿਆਂ, ਜਦੋਂ ਉਹ ਪਹਿਲਾਂ ਇੱਕ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ‘ਤੇ ਮਾਈਕਰੋ ਅਬਜ਼ਰਵਰ ਵਜੋਂ ਤਾਇਨਾਤ ਸਨ, ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਕਿਹਾ ਕਿ ਪੋਲਿੰਗ ਸਟੇਸ਼ਨ ‘ਤੇ ਮਾਈਕਰੋ ਅਬਜ਼ਰਵਰਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੋਲਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੱਲ ਰਹੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਅੰਕੁਰ ਮਹਿੰਦਰੂ ਦੀ ਦੇਖ-ਰੇਖ ਹੇਠ ਸਿਖਲਾਈ ਸੈਸ਼ਨ ਦਾ ਆਯੋਜਨ ਵੀ ਕੀਤਾ ਗਿਆ। ਸਿਖਲਾਈ ਸੈਸ਼ਨ ਦੌਰਾਨ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਿਖਲਾਈ ਸੈਸ਼ਨ ਦੌਰਾਨ ਮਾਈਕਰੋ ਅਬਜ਼ਰਵਰਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਅਸਲ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਈ.ਵੀ.ਐਮ. ਦੇ ਕੰਮਕਾਜ ਦੀ ਜਾਂਚ ਕਰਨ ਲਈ ਮੌਕ ਪੋਲ ਕਰਵਾਉਣ ਦੀ ਪੂਰੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।

[wpadcenter_ad id='4448' align='none']