ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ 

ਫ਼ਿਰੋਜ਼ਪੁਰ, 27 ਮਈ 2024

          ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਸਥਾਨਕ ਬਸਤੀ ਟੈਂਕਾਂ ਵਾਲੀ ਅਤੇ ਅਰਬਨ ਮੁੱਢਲਾ ਸਿਹਤ ਕੇਂਦਰ ਵਿਖੇ ਹੀਟ ਵੇਵ / ਲੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਸਿਹਤ ਸੁਪਰਵਾਈਜਰ ਸ਼ੇਰ ਸਿੰਘ ਵੀ ਮੌਜੂਦ ਸਨ।

          ਇਸ ਮੌਕੇ ਸੰਜੀਵ ਸ਼ਰਮਾ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਹੀਟ ਵੇਵ / ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਸ ਸਮੇਂ ਦੌਰਾਨ ਸਾਨੂੰ, ਖਾਸ ਕਰਕੇ ਉਹ ਲੋਕ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਹੀਟ ਸਟ੍ਰੋਕ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀਆਂ ਨੂੰ ਵਧੇਰੇ ਜ਼ੋਖਮ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਨੂੰ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ।

          ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਦੱਸਿਆ ਕਿ ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

          ਸਿਹਤ ਸੁਪਰਵਾਈਜਰ ਸ਼ੇਰ ਸਿੰਘ ਵਲੋਂ ਮਲੇਰੀਆ, ਡੇਂਗੂ ਬੁਖਾਰ ਤੋਂ ਬਚਾਅ ਲਈ ਅਤੇ ਮੱਛਰਾਂ ਦੀ ਪਦਾਇਸ਼ ਰੋਕਣ ਲਈ ਸਾਵਧਾਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਮੱਛਰ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਸਕੇ। ਬੁਖਾਰ ਹੋਣ ਦੀ ਸੂਰਤ ਵਿਚ ਸਰਕਾਰੀ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਡਾ. ਤਰਨਪਾਲ ਕੌਰ ਸੋਢੀ, ਲੈਬਾਰਟਰੀ ਤਕਨੀਸ਼ੀਅਨ ਸਿਮਰਜੀਤ ਸਿੰਘ, ਮਲਟੀ ਟਾਸਕ ਵਰਕਰ ਦਲੀਪ ਕੁਮਾਰ ਵੀ ਹਾਜ਼ਰ ਸਨ।

[wpadcenter_ad id='4448' align='none']