‘ਪੰਜਾਬ ਹਰਿਆਲੀ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਇਕ ਰੋਜ਼ਾ ਮੁਹਿੰਮ ਦੌਰਾਨ 19 ਜੁਲਾਈ ਨੂੰ ਲਗਾਏ ਜਾਣਗੇ 3.5 ਲੱਖ ਪੌਦੇ

ਮਾਨਸਾ, 15 ਜੁਲਾਈ:
ਸਮੂਹ ਅਧਿਕਾਰੀ ਉਨ੍ਹਾਂ ਦੇ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਸਬੰਧੀ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਅਸੀਂ ਆਪਣੇ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਵਾਤਾਵਰਣ ਸਿਰਜ ਸਕੀਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ‘ਪੰਜਾਬ ਹਰਿਆਲੀ ਸਕੀਮ’ ਦੇ ਤਹਿਤ 19 ਜੁਲਾਈ ਨੂੰ ਵਿਸ਼ੇਸ਼ ਤੌਰ ’ਤੇ ਇਕ ਰੋਜ਼ਾ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਵੱਖ ਵੱਖ ਵਿਭਾਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ 3.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਦਿਨ ਆਮ ਲੋਕਾਂ ਅਤੇ ਐਨ.ਜੀ.ਓਜ਼. ਨਾਲ ਮਿਲ ਕੇ ਇਸ ਨਿਰਧਾਰਤ ਟੀਚੇ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਪੌਦੇ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਪ੍ਰਤੀ ਜਾਗਰੂਕ ਕਰਨ ਦਾ ਸੁਨੇਹਾ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾ ਕੇ ਪਲਾਂਟੇਸ਼ਨ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਨੂੰ ਵੀ ਪੌਦਿਆਂ ਦੀ ਵੰਡ ਕੀਤੀ ਜਾਵੇ ਤਾਂ ਜੋ ਉਨ੍ਹਾਂ ਵਿਚ ਵਾਤਾਵਰਣ ਪ੍ਰਤੀ ਚੇਤਨਾ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਸਰਵਉੱਤਮ ਭੂਮਿਕਾ ਨਿਭਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮੰਡੀ ਬੋਰਡ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਧਾਰਤ ਟੀਚੇ ਤੋਂ ਜਾਣੂ ਕਰਵਾਉਂਦਿਆਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਜੰਗਲਾਤ ਅਫ਼ਸਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ‘ਪੰਜਾਬ ਹਰਿਆਲੀ ਸਕੀਮ’ ਦੇ ਤਹਿਤ ਜ਼ਿਲ੍ਹੇ ’ਚ ਪੜ੍ਹਾਅਵਾਰ ਕੁੱਲ 10 ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਜ਼ਦੀਕੀ ਨਰਸਰੀਆਂ ਨਾਲ ਤਾਲਮੇਲ ਕਰਕੇ ਪੌਦੇ ਪ੍ਰਾਪਤ ਕਰਨ ਅਤੇ ਐਨ.ਜੀ.ਓਜ਼. ਤੇ ਪੰਚਾਇਤਾਂ ਦੇ ਸਹਿਯੋਗ ਨਾਲ ਪਲਾਂਟੇਸ਼ਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਵਿਚ ਆਪਣੀ ਰਿਪੋਰਟ ਸਬਮਿਟ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਸ ਸਬੰਧੀ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਰੱਖਣ ਤਾਂ ਜੋ ਪਲਾਂਟੇਸ਼ਨ ਦੇ ਟੀਚੇ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕੇ।
ਤਸਵੀਰਾਂ 1 ਅਤੇ 2
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ ਇਕ ਰੋਜ਼ਾ ਪਲਾਂਟੇਸ਼ਨ ਮੁਹਿੰਮ ਸਬੰਧੀ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। 

[wpadcenter_ad id='4448' align='none']