ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਖਪੁਰਾ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਤੇ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

 ਇਸ ਮੌਕੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। 

ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਨੂੰ “ਨਿਵੇਕਲੀ ਪਹਿਲਕਦਮੀ” ਦੱਸਦਿਆਂ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਆਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਇਸ ਮੌਕੇ ਪਿੰਡ ਸ਼ੇਖੁਪੁਰਾ ਤੋਂ ਇਲਾਵਾ ਫ਼ਤਿਹਗੜ੍ਹ ਨੋ ਆਬਾਦ, ਜਗ੍ਹਾ ਰਾਮ ਤੀਰਥ, ਭਗਵਾਨਪੁਰਾ, ਲੇਲੇਵਾਲ, ਨੱਤ ਅਤੇ ਗੁਰੂਸਰ ਜਗ੍ਹਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਜ਼ਿਆਦਾਤਰ ਮਾਲ ਵਿਭਾਗ, ਸਿੰਚਾਈ, ਬਿਜਲੀ, ਪੁਲਿਸ ਵਿਭਾਗ ਤੋਂ ਇਲਾਵਾ ਸ਼ਗਨ ਸਕੀਮ, ਵਿਕਾਸ ਕਾਰਜਾਂ, ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। 

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਹਰੇਕ ਹਫਤੇ ਵਿੱਚ ਦੋ ਵਾਰ ਵੱਖ-ਵੱਖ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਡੀ.ਸੀ. ਦਫ਼ਤਰ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕਰਨ ਨਾਲ ਹੁਣ ਆਮ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। 

ਇਸ ਮੌਕੇ ਤਹਿਸੀਲਦਾਰ ਤਲਵੰਡੀ ਸਾਬੋ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']