ਅੰਮ੍ਰਿਤਸਰ 22 ਜੁਲਾਈ 2024—
ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਉਨਾਂ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।
ਸ: ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲ੍ਹਣ ਨਾਲ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।