ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 9 ਅਗਸਤ:

ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿੱਚ 300 ਬ੍ਰੀਡਿੰਗ ਚੈਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿੱਚ ਵਧਾ ਕੇ 1200 ਕਰ ਦਿੱਤੀ ਗਏ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂਗੂ ਦੀ ਜਾਂਚ ਲਈ ਐਨ.ਐਸ-1 ਕਿੱਟਾਂ ਅਤੇ ਆਈ.ਜੀ.ਐਮ. ਕਿੱਟਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਸੂਬੇ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਪੇਂਡੂ ਵਿਭਾਗ, ਸਿੱਖਿਆ ਅਤੇ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਇਹ ਮੁਹਿੰਮ ਮੱਛਰਾਂ ਦੇ ਮੁਕੰਮਲ ਖ਼ਾਤਮੇ ‘ਤੇ ਕੇਂਦਰਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਸਬੰਧੀ ਇਸ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਗਤੀਵਿਧੀਆਂ ਨੂੰ ਤੇਜ਼ ਕਰਨ ਵਾਸਤੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਮੱਛਰਾਂ ਦੇ ਲਾਰਵੇ ਦੀ ਜਾਂਚ ਲਈ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਕੰਮ ਵਿੱਚ ਲਗਾਉਣ ਲਈ ਕਿਹਾ।

ਭਗਵੰਤ ਸਿੰਘ ਮਾਨ ਨੇ ਡੇਂਗੂ ਦੇ ਫੈਲਾਅ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਡੇਂਗੂ ਦੇ ਖ਼ਾਤਮੇ ਲਈ ਸਾਰੇ ਭਾਈਵਾਲਾਂ ਨੂੰ ਆਪਣੇ ਯਤਨ ਜਾਰੀ ਰੱਖਣੇ ਚਾਹੀਦੇ ਹਨ।

[wpadcenter_ad id='4448' align='none']