ਸ੍ਰੀ ਮੁੁਕਤਸਰ ਸਾਹਿਬ 12 ਸਤੰਬਰ
ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਵਲੋਂ ਸਬ ਡਵੀਜ਼ਨ ਗਿੱਦੜਬਾਹਾ ਦੇ ਪਿੰਡ ਭਲਾਈਆਣਾ, ਕੋਟਲੀ ਅਬਲੂ ਅਤੇ ਮੱਲਣ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਿ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਉਹਨਾਂ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਦਾ ਆਧੁਨਿਕ ਢੰਗ ਨਾਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਜਿ਼ਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ।
ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੇ 50 ਪ੍ਰਤੀਸ਼ਤ ਤੋਂ ਵੱਧ ਕੇਸ ਘਟੇ ਹਨ ਅਤੇ ਇਸ ਸਾਲ ਵੀ ਇਨ੍ਹਾਂ ਪਿੰਡਾਂ ਵਿੱਚ ਜ਼ੀਰੋ ਬਰਨਿੰਗ ਤੇ ਲਿਆਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ, ਜਿਸ ਤੇ ਮੌਕੇ ਤੇ ਮੌਜ਼ੂਦ ਕਿਸਾਨਾਂ ਵੱਲੋਂ ਆਪਣੀ ਸਹਿਮਤੀ ਪ੍ਰਗਟਾਉਂਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।
ਇਸ ਦੌਰੇ ਦੌਰਾਨ ਉਹਨਾਂ ਬੇਲਰ ਮਾਲਕ ਅਤੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਹਨਾਂ ਭਰੋਸਾ ਦੁਆਇਆ ਕਿ ਜਲਦ ਹੀ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਸਬੰਧੀ ਪਰਾਲੀ ਖਰੀਦਣ ਵਾਲੀ ਇੰਡਸਟਰੀਜ਼ ਦੇ ਮਾਲਕਾਂ, ਬੇਲਰ ਮਾਲਕਾਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤ ਮੁਸ਼ਕਿਲਾਂ ਦੇ ਹੱਲ ਲਈ ਹਰ ਸਾਰਥਿਕ ਯਤਨ ਕੀਤੇ ਜਾਣਗੇ।
ਇਸ ਮੌਕੇ ਤੇ ਸ਼੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਤਾਂ ਉਹ ਖੇਤੀਬਾੜੀ ਵਿਭਾਗ ਦੇ ਨਾਲ-ਨਾਲ ਪੁਲਿਸ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ ।
ਇਸ ਮੌਕੇ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਾਂ ਦੀ ਸੁਚੱਜੀ ਵਰਤੋਂ ਅਤੇ ਮਸ਼ੀਨਾਂ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ । ਇਸ ਮੌਕੇ ਸ.ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ), ਸ਼੍ਰੀ ਜਗਮੋਹਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਸਹਾਇਕ ਖੇਤੀਬਾੜੀ ਇੰਜੀਨੀਅਰ(ਸੰਦ) ਸ਼੍ਰੀ ਰਾਜੇਂਦਰ ਕੁਮਾਰ ਅਤੇ ਪਤਵੰਤੇ ਵਿਅਕਤੀਆਂ ਅਤੇ ਕਿਸਾਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਅਗੇਤਰਾ ਕੀਤਾ ਦੌਰਾ
Date: