ਡੀ.ਸੀ ਵੱਲੋਂ ਖੇਤਾਂ ਨੂੰ ਲੱਗੀ ਅੱਗ ’ਤੇ ਕਾਬੂ ਪਾਉਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਾਂਝੀ ਗਸ਼ਤ ਕਰਨ ਦੇ ਹੁਕਮ

 ਲੁਧਿਆਣਾ, 20 ਸਤੰਬਰ (000)
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਖ਼ਤੀ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ੀਰੋ ਟੋਲਰੈਂਸ ਵਾਲੀ ਪਹੁੰਚ ਅਪਣਾਉਣ ਅਤੇ ਪੁਲਿਸ ਨਾਲ ਸਾਂਝੀ ਗਸ਼ਤ ਕਰਨ।

 ਐਸ.ਐਸ.ਪੀ ਖੰਨਾ ਅਸ਼ਵਨੀ ਗੋਟਿਆਲ ਨੇ ਪੁਲਿਸ ਅਧਿਕਾਰੀਆਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਖੇਤਾਂ ਵਿੱਚ ਚੌਵੀ ਘੰਟੇ ਚੌਕਸੀ ਰੱਖਣ ਦੇ ਹੁਕਮ ਵੀ ਦਿੱਤੇ ਹਨ।

 ਬੱਚਤ ਭਵਨ ਵਿਖੇ ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼, ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ‘ਤੇ ਰੋਕ ਲਗਾਉਣ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ।  ਉਨ੍ਹਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰਨ ਅਤੇ ਪੁਲਿਸ ਫੋਰਸ ਨਾਲ ਪਿੰਡਾਂ ਵਿੱਚ ਪੈਦਲ ਮਾਰਚ ਕਰਨ ਲਈ ਵੀ ਕਿਹਾ।

 ਸ੍ਰੀ ਜਤਿੰਦਰ ਜੋਰਵਾਲ ਨੇ ਕਲੱਸਟਰ/ਨੋਡਲ ਅਫ਼ਸਰਾਂ ਨੂੰ ਇਸ ਹਫਤੇ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਪੁਲਿਸ ਅਧਿਕਾਰੀਆਂ ਨਾਲ ਪਿੰਡਾਂ ਵਿਚ ਜਾਣ ਤਾਂ ਜ਼ੋ ਉਹਨਾਂ ਦੀ ਮੌਜ਼ੂਦਗੀ ਵਿਚ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ।  ਉਨ੍ਹਾਂ ਲੋਕਾਂ ਨੂੰ ਪਿੰਡਾਂ ਵਿੱਚ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸਾਂਝੀ ਗਸ਼ਤ ਦੀ ਲੋੜ ਦਾ ਜ਼ਿਕਰ ਕੀਤਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜ਼ੋ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਸੰਦੇਸ਼ ਦਿੱਤਾ ਜਾ ਸਕੇ।  ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਿਰਾਂ, ਅਤੇ ਵਾਹਨਾਂ ਰਾਹੀਂ ਅਨਾਊਂਸਮੈਂਟ ਕਰਵਾਈ ਜਾਵੇ ਤਾਂ ਜ਼ੋ ਪ੍ਰਭਾਵਸ਼ਾਲੀ ਢੰਗ ਨਾਲ ਇਸ ਦੀ ਨਿਗਰਾਨੀ ਕੀਤੀ ਜਾਂ ਸਕੇ ਤਾਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

 ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਹ ਖੁਦ ਅਤੇ ਪੁਲਿਸ ਮੁਖੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਹੌਟਸਪੌਟਸ ਏਰੀਏ ਦਾ ਦੌਰਾ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ‘ਤੇ ਰੋਕ ਲਗਾਉਣ ਲਈ ਸਾਕਾਰਾਤਮਕ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਕਿਹਾ।  ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ, ਪਿੰਡਾਂ ਅਤੇ ਪੰਚਾਇਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਸਹੂਲਤ ਦਿੱਤੀਆ ਜਾਣਗੀਆਂ।

 ਬਾਅਦ ਵਿੱਚ ਐਸ.ਐਸ.ਪੀ ਅਸ਼ਵਨੀ ਗੋਟਿਆਲ ਨੇ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਿਵਲ ਅਧਿਕਾਰੀਆਂ ਦੇ ਨਾਲ-ਨਾਲ ਆਪਣੇ ਖੇਤਰਾਂ ਵਿੱਚ ਲਗਾਤਾਰ ਚੌਕਸੀ ਰੱਖਣ, ਜਦੋਂ ਤੱਕ ਝੋਨੇ ਦੀ ਵਾਢੀ ਪੂਰੀ ਨਹੀਂ ਹੋ ਜਾਂਦੀ ਤਾਂ ਕਿ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਿਆ ਜਾ ਸਕੇ। ਉਹਨਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਰਾਲੀ ਸਾੜਨ ਦੇ ਕਿਸੇ ਵੀ ਮਾਮਲੇ ਨੂੰ ਰੋਕਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ ਅਤੇ ਖੇਤਾਂ ਵਿੱਚ ਅੱਗ ਨੂੰ ਘੱਟ ਕਰਨ ਲਈ ਬੀਟ ਪ੍ਰਣਾਲੀ ਲਾਗੂ ਕਰਨ ਦਾ ਪ੍ਰਸਤਾਵ ਕੀਤਾ।

 ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।

[wpadcenter_ad id='4448' align='none']