ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ 2 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਰੀਦਕੋਟ 4 ਅਕਤੂਬਰ ()

ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਆਈ.ਏ.ਐਸ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁੱਚਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਉਨ੍ਹਾਂ ਦੱਸਿਆ ਕਿ ਹੁਣ ਤਾਂ ਕਿਸਾਨਾਂ ਦੀ ਸਹੂਲਤ ਲਈ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਹਨ ਜਿਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਜਰੂਰਤ ਹੀ ਨਹੀਂ ਹੁੰਦੀ, ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਸਿੱਧੇ ਹੀ ਕਣਕ ਦੀ ਬਿਜਾਈ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਇਲਾਵਾ ਇਹ ਵੈਨਾਂ ਮੰਡੀਆਂ ਵਿੱਚ ਵੀ ਜਾ ਕੇ  ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ, ਤਾਂ ਉਹ ਜਿਲ੍ਹਾ ਪ੍ਰਸ਼ਾਸ਼ਨ ਜਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਪਰਾਲੀ ਨੂੰ ਸਾੜ੍ਹਨ ਵਿਰੁੱਧ ਹੋਕਾ ਦਿੰਦੀਆਂ ਫਰੀਦਕੋਟ ਜਿਲ੍ਹੇ ਦੇ ਸਾਰੇ  ਪਿੰਡਾਂ ਦਾ ਸਫਰ ਤੈਅ ਕਰਨਗੀਆਂ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਕਿਸਾਨ ਵੀਰ ਪਰਾਲੀ ਸਾੜ੍ਹਨ ਦੇ ਨੁਕਸਾਨਾਂ ਨੂੰ ਦੇਖਦੇ ਹੋਏ ਪਰਾਲੀ ਨਹੀਂ ਸਾੜ੍ਹਨਗੇ। ਇਨ੍ਹਾਂ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਵੱਖ ਵੱਖ ਤਰੀਕਿਆਂ ਨਾਲ ਪ੍ਰਬੰਧਨ ਕਰਨ ਸਬੰਧੀ ਸਾਹਿਤ ਵੀ ਵੰਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਨਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਕੈਂਪ ਲਗਾ ਕੇ ਵੀ ਲੋਕਾਂ ਨੂੰ ਪਰਾਲੀ ਸਾੜਨ ਤੋਂ ਬਾਅਦ ਹੋਣ ਵਾਲੇ ਨੁਕਸਾਨਾਂ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ  ਹੈ।

ਇਸ ਮੌਕੇ ਇੰਜ ਅਕਸ਼ਿਤ ਜੈਨ ਤੋਂ ਇਲਾਵਾ ਖੇਤੀਬਾੜੀ ਦਫਤਰ ਦੇ ਕਰਮਚਾਰੀ ਹਾਜ਼ਰ ਸਨ।

[wpadcenter_ad id='4448' align='none']