ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 12 ਅਕਤੂਬਰ 2024:

ਪੰਜਾਬ ਦੇ ਮੁੱਖ ਮੰਤਰੀ , ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਦੇ ਨਾਲ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਡੀ.ਐਮ.ਓ ਅਮਨਦੀਪ ਸਿੰਘ ਅਤੇ ਡੀ.ਐਫ.ਐਸ.ਸੀ. ਸਰਤਾਜ ਸਿੰਘ ਨੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ।

ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ‌, ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੀ ਪੂਰੀ ਨਿਗਰਾਨੀ ਰੱਖ ਰਹੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਧਿਕਾਰੀਆਂ ਨਾਲ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਰੀਖਣ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਉਹ ਅੱਜ ਅਧਿਕਾਰੀਆਂ ਸਮੇਤ ਮੰਡੀ ਪੁੱਜੇ ਹਨ।  ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆ ਰਹੀ।

 ਵਿਧਾਇਕ ਡਾ: ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮੰਡੀ ਬੋਰਡ, ਜ਼ਿਲ੍ਹਾ ਖੁਰਾਕ ਸਪਲਾਈ, ਏਜੰਸੀਆਂ ਦੇ ਜਨਰਲ ਮੈਨੇਜਰਾਂ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਢੁੱਕਵੀਂ ਲਿਫਟਿੰਗ ਯਕੀਨੀ ਬਣਾਈ ਜਾਵੇ ਅਤੇ ਲਿਫਟਿੰਗ ਵਿੱਚ ਵੀ ਤੇਜ਼ੀ ਆਈ ਹੈ।

ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਲਗਾਤਾਰ ਜਾਰੀ ਹੈ। ਉਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਕਰਕੇ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਵਾਧਾ ਹੋਇਆ ਹੈ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੂੰ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ ਜੇਕਰ ਕੋਈ ਸਮੱਸਿਆ ਹੋਵੇ ਤਾਂ ਉਹ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੋਂ ਇਲਾਵਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਚੰਗੀ ਟੀਮ ਮਿਲੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਅੰਮ੍ਰਿਤਸਰ ਵੱਡੀਆਂ ਬੁਲੰਦੀਆਂ ਨੂੰ ਛੂਹੇਗਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮੂਹ ਅਧਿਕਾਰੀ ਖੁਦ ਸਮੇਤ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 35183 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 43.08 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ੈਲਰ ਮਾਲਕਾਂ ਨੇ ਮੰਡੀਆਂ ਵਿੱਚੋਂ 332984 ਮੀਟ੍ਰਿਕ ਟਨ ਬਾਸਮਤੀ ਦੀ ਖਰੀਦ ਕਰਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

[wpadcenter_ad id='4448' align='none']