ਅੰਮ੍ਰਿਤਸਰ 1 ਨਵੰਬਰ:2024 – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 1 ਲੱਖ 89 ਹਜਾਰ ਹੈਕਟੇਅਰ ਰਕਬੇ ਵਿੱਚ ਕਣਕ,ਆਲੂ ਅਤੇ ਮਟਰਾਂ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਲਈ ਕਰੀਬ ਜ਼ਿਲ੍ਹੇ ਵਿੱਚ ਲਗਭਗ 30000 ਮੀਟ੍ਰਿਕ ਟਨ ਡੀ.ਏ.ਪੀ. ਦੀ ਮੰਗ ਹੈ ਤੇ ਹੁਣ ਤੱਕ ਜ਼ਿਲ੍ਹੇ ਵਿੱਚ 17662 ਮੀਟ੍ਰਿਕ ਟਨ ਡੀ.ਏ.ਪੀ. ਪੁੱਜ ਚੁੱਕਾ ਹੈ ਜੋ ਕਿ ਕੁਲ ਮੰਗ ਦਾ ਕਰੀਬ 59 ਫੀਸਦੀ ਬਣਦਾ ਹੈ । ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੀ ਜਲਦ ਸਪਲਾਈ ਵੀ ਪੁੱਜ ਜਾਵੇਗੀ ।ਉਨ੍ਹਾਂ ਦੱਸਿਆ ਕਿ ਕੁਲ ਮੰਗ ਦਾ 60 ਫੀਸਦੀ ਸਹਿਕਾਰੀ ਸਭਾਵਾਂ ਕੋਲ ਜਾਵੇਗਾ ਅਤੇ 40 ਫੀਸਦੀ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਖਾਦ ਏਜੰਸੀਆਂ ਦੇ ਮਾਲਕਾਂ / ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਹੋਰ ਵਾਧੂ ਸਮਾਨ ਜਾਂ ਦਵਾਈਆਂ ਆਦਿ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਜੇਕਰ ਕੋਈ ਵਿਕ੍ਰੇਤਾਵਾਂ ਵਾਧੂ ਸਮਾਨ ਜਾਂ ਦਵਾਈਆਂ ਖਰੀਦਣ ਲਈ ਮਜਬੂਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੀ.ਏ.ਪੀ. ਖਾਦ ਤੋਂ ਇਲਾਵਾ ਜ਼ਿਲੇ ਅੰਦਰ ਟੀ.ਐਸ.ਪੀ, ਐਨ.ਪੀ.ਕੇ, ਸਿੰਗਲ ਸੁਪਰ ਫਾਸਫੇਟ ਖਾਦ ਵੀ ਉਪਲੱਬਧ ਹੈ ਜਿਸਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।