ਲੁਧਿਆਣਾ, 05 ਨਵੰਬਰ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ.
ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ ‘ਆਪ’ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਭਾਰਤੀ ਕਲੋਨੀ ਵਿਖੇ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜ਼ਾਂ ‘ਤੇ ਕਰੀਬ 56 ਲੱਖ ਰੁਪਏ ਖਰਚ ਕੀਤੇ ਜਾਣਗੇ ਜਦਕਿ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਾਲੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ।
ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।
ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਆਂ ਸੜਕਾਂ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।