ਦਿੜ੍ਹਬਾ/ ਸੰਗਰੂਰ, 14 ਜਨਵਰੀ –
ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਦਿੜ੍ਹਬਾ ਦੀਆਂ ਆਮ ਚੋਣਾਂ ਵਿੱਚ ਜਿੱਤੇ ਕੌਂਸਲਰਾਂ ਵਿੱਚੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਪ੍ਰਕਿਰਿਆ ਅੱਜ ਸਰਬਸੰਮਤੀ ਨਾਲ ਉਪ ਮੰਡਲ ਮੈਜਿਸਟਰੇਟ ਸ਼੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਵਿਖੇ ਨੇਪਰੇ ਚੜ੍ਹੀ ਜਿਸ ਤਹਿਤ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਿੰਦਰ ਸਿੰਘ ਨੂੰ ਪ੍ਰਧਾਨ ਅਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਮੌਜੂਦ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ ਅਤੇ ਪੂਰੀ ਤਨਦੇਹੀ ਤੇ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਪੁਰਾਣੇ ਤੇ ਸਰਗਰਮ ਨੌਜਵਾਨ ਆਗੂ ਹਨ ਅਤੇ ਨਗਰ ਪੰਚਾਇਤ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਦੋਵੇਂ ਪ੍ਰਮੁੱਖ ਅਹੁਦੇਦਾਰ ਚੁਣ ਕੇ ਮਿਸਾਲ ਕਾਇਮ ਕੀਤੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਨਗਰ ਪੰਚਾਇਤ ਦਿੜ੍ਹਬਾ ਦੀ ਸਮੁੱਚੀ ਟੀਮ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਪੂਰਾ ਕਰਨ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੇ ਨਾਲ ਹੀ ਨਗਰ ਪੰਚਾਇਤ ਟੀਮ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ ਜਿਸ ਤਹਿਤ ਜਲਦੀ ਹੀ 2 ਬਹੁ-ਕਰੋੜੀ ਲਾਗਤ ਵਾਲੇ ਲੋਕ ਪੱਖੀ ਪ੍ਰੋਜੈਕਟਾਂ ਦਾ ਆਗਾਜ਼ ਦਿੜ੍ਹਬਾ ਵਿਖੇ ਕਰ ਦਿੱਤਾ ਜਾਵੇਗਾ ਜਿਸ ਵਿੱਚ ਇਨਡੋਰ ਸਟੇਡੀਅਮ ਅਤੇ ਖੁਸ਼ੀ ਗ਼ਮੀ ਦੇ ਮੌਕਿਆਂ ਉਤੇ ਸਮਾਗਮ ਕਰਨ ਲਈ ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇੱਕ ਪੈਲੇਸ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਹੈ ਅਤੇ ਯੋਜਨਾਬੱਧ ਤਰੀਕੇ ਨਾਲ ਹਰ ਦਿਹਾਤੀ ਤੇ ਸ਼ਹਿਰੀ ਖੇਤਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਸਮੇਤ ਹੋਰ ਅਧਿਕਾਰੀ ਅਤੇ ਸਾਰੇ ਕੌਂਸਲਰ ਵੀ ਹਾਜ਼ਰ ਸਨ।