ਗੁਰਦਾਸਪੁਰ, 15 ਜਨਵਰੀ ( ) – 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਕੌਮੀ ਤਿਉਹਾਰ ਮੌਕੇ ਸ਼ਹਿਰਾਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ ਹੋਣਗੇ, ਜਿਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿੱਚ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸ਼ਹਿਰਾਂ ਵਿਚਲੇ ਚੌਂਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਸਜਾਇਆ ਜਾਵੇਗਾ ਅਤੇ 25 ਤੇ 26 ਜਨਵਰੀ ਦੀ ਰਾਤ ਨੂੰ ਉਨ੍ਹਾਂ ਦੀ ਲਾਈਟਿੰਗ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਕਾਰੋਬਾਰੀ ਥਾਵਾਂ ਉੱਪਰ ਗਣਤੰਤਰ ਦਿਵਸ ਮੌਕੇ ਕੌਮੀ ਝੰਡੇ ਲਹਿਰਾਉਣ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 17, 21 ਅਤੇ 23 ਜਨਵਰੀ ਨੂੰ ਹੋਵੇਗੀ, ਜਦਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ, ਐੱਸ.ਪੀ. ਜੁਗਰਾਜ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।