ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ
ਚੰਡੀਗੜ੍ਹ,16 ਮਈ:
ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ।
ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।
ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।
ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।