ਮਾਨਸਾ, 08 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਸਮੇਂ ਦੌਰਾਨ ਗੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਕਰੇ, ਜਿਸ ’ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੈਂਫਲੈਟਾਂ, ਹੈਂਡਬਿਲਾਂ, ਫੋਲਡਰਾਂ, ਪਰਚਿਆਂ ਦੀ ਹਰੇਕ ਕਾਪੀ ’ਤੇ ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ ਅਤੇ ਚੋਣਾਂ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਸਬੰਧਤ ਰਿਟਰਨਿੰਗ ਅਫਸਰ ਨੂੰ ਜ਼ਰੂਰ ਦੱਸਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਚੋਣ ਨੋਡਲ ਅਫ਼ਸਰ, ਖਰਚਾ ਸੈੱਲ ਦੇ ਅਧਿਕਾਰੀ, ਚੋਣ ਕਾਨੂੰਗੋ ਵਰੁਣ ਗੋਇਲ ਮੌਜੂਦ ਸਨ।
ਚੋਣਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ-ਡਿਪਟੀ ਕਮਿਸ਼ਨਰ
Date: