ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਿਤ

ਫਾਜ਼ਿਲਕਾ, 18 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦਿੱਤੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 95307-25052 ਹੈ। ਕਿਸਾਨ ਵੀਰ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਇਸ ਨੰਬਰ ਤੇ ਕਾਲ ਕਰ ਸਕਦੇ ਹਨ। ਇੱਥੇ ਕਾਲ ਕਰਕੇ ਕਿਸਾਨ ਪਰਾਲੀ ਪ੍ਰਬੰਧਨ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ ਨਾਲ ਆਪਣੇ ਨੇੜੇ ਜਾਂ ਆਪਣੇ ਪਿੰਡ ਵਿਚ ਉਪਲਬੱਧ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਵੀ ਹਾਸਲ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕੰਟਰੋਲ ਰੂਮ ਕਿਸਾਨਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗਾ ਕਿਉਂਕਿ ਇੱਥੋਂ ਉਨ੍ਹਾਂ ਨੂੰ ਪਰਾਲੀ ਦੀ ਸੰਭਾਲ ਵਿਚ ਪੂਰਾ ਮਾਰਗਦਰਸ਼ਨ ਕੀਤਾ ਜਾਵੇਗਾ। ਇਸ ਨੰਬਰ ਤੇ ਕਾਲ ਕਰਕੇ ਕਿਸਾਨ ਆਪਣੇ ਪਿੰਡ ਨਾਲ ਸੰਬਧਤ ਖੇਤੀਬਾੜੀ ਵਿਕਾਸ ਅਫ਼ਸਰ ਅਤੇ  ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਨੋਡਲ ਅਫ਼ਸਰ ਦਾ ਨੰਬਰ ਵੀ ਲੈ ਸਕਦੇ ਹਨ।
ਡਾ: ਸੰਦੀਪ ਰਿਣਵਾਂ ਨੇ ਹੋਰ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਜਿੰਨ੍ਹਾਂ ਕਿਸਾਨਾਂ ਨੇ ਇਸ ਸਾਲ ਜਾਂ ਪਿੱਛਲੇ ਸਾਲਾਂ ਵਿਚ ਮਸ਼ੀਨਾਂ ਲਈਆਂ ਹਨ ਉਨ੍ਹਾਂ ਦੀਆਂ ਸੂਚੀਆਂ ਸਾਂਝੀਆਂ ਥਾਂਵਾਂ ਤੇ ਪਿੰਡਾਂ ਵਿਚ ਲਗਾਈਆਂ ਗਈਆਂ ਹਨ ਤਾਂ ਜੋ ਕਿਸਾਨ ਇਹ ਮਸ਼ੀਨਾਂ ਪ੍ਰਾਪਤ ਕਰ ਸਕਨ। ਉਨ੍ਹਾਂ ਨੇ ਕਿਹਾ ਕਿ ਫਿਰ ਵੀ ਜੇਕਰ ਕਿਸੇ ਨੂੰ ਇਹ ਸੂਚੀ ਨਾ ਮਿਲੇ ਤਾਂ ਉਹ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਤੋਂ ਇਹ ਜਾਣਕਾਰੀ ਲੈ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਵਿਭਾਗ ਦਾ ਸਮੂਚਾ ਅਮਲਾ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦੇ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਜਾਂ ਬੇਲਰ ਨਾਲ ਗੱਠਾਂ ਬਣਵਾ ਲੈਣ, ਪਰ ਅੱਗ ਨਾ ਲਗਾਉਣ।

[wpadcenter_ad id='4448' align='none']