ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਸ਼ੇ ‘ਤੇ ਲੈਕਚਰ ਕਰਵਾਇਆ ਗਿਆ

ਬਠਿੰਡਾ 12 ਦਸੰਬਰ : ਵਿਦਿਆਰਥੀਆਂ ਨੂੰ ਭਾਰਤ ਦੀਆਂ ਲੋਕਤੰਤਰੀ ਪ੍ਰਣਾਲੀਆਂ ਅਤੇ ਚੋਣ ਪ੍ਰਕਿਰਿਆਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ “ਪਹਿਲੀ ਵਾਰ ਵੋਟਰ ਬਣਨ ਦੀ ਮਹੱਤਤਾ” ਵਿਸ਼ੇ ‘ਤੇ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਥਾਨਕ ਨਗਰ ਨਿਗਮ ਕਮਿਸ਼ਨਰ ਸ੍ਰੀ ਰਾਹੁਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

          ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਆਪਣੇ ਸੰਬੋਧਨ ਵਿੱਚ ਵਿਸ਼ਵ ਭਰ ਵਿੱਚ ਲੋਕਤੰਤਰੀ ਢਾਂਚੇ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਸੀਂ ਅਜ਼ਾਦ ਭਾਰਤ ਦੇ ਵਾਸੀ ਹਾਂ ਅਤੇ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਕਿਸੇ ਵੀ ਲਾਲਚ ਤੋਂ ਬਗੈਰ ਅਤੇ ਡਰ-ਭੈਅ ਤੋਂ ਮੁਕਤ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇੱਕ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੇ ਮਹੱਤਵ ਨੂੰ ਵੀ ਰੇਖਾਂਕਿਤ ਕੀਤਾ।

          ਇਸ ਦੌਰਾਨ ਉਨ੍ਹਾਂ ਵੋਟਰਾਂ ਲਈ ਪ੍ਰਸਤਾਵਿਤ ਉਮੀਦਵਾਰਾਂ ਪ੍ਰਤੀ ਆਪਣੀ ਅਸੰਤੁਸ਼ਟੀ ਜ਼ਾਹਰ ਕਰਨ ਲਈ ਨੋਟਾ (ਉਪਰੋਕਤ ਵਿੱਚੋਂ ਕੋਈ ਨਹੀਂ) ਦੇ ਵਿਕਲਪ ਸਬੰਧੀ ਗੱਲਬਾਤ ਕਰਦਿਆਂ ਨਾਗਰਿਕਾਂ ਨੂੰ ਵਿਸ਼ਵਾਸ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਵੀ ਕੀਤਾ।

          ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਬਾਵਾ ਸਿੰਘ ਅਤੇ ਡਾ. ਨੀਲੂ ਰਾਵਤ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੁੱਖ ਮਹਿਮਾਨ ਦੀ ਜਾਣ-ਪਛਾਣ ਕਰਵਾਈ।

          ਇਸ ਮੌਕੇ ਡੀਨ-ਇੰਚਾਰਜ ਅਕਾਦਮਿਕ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਨੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋਫੈਸਰ ਬੀ.ਪੀ. ਗਰਗ ਨੇ ਚੋਣ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਇਲੈਕਟੋਰਲ ਲਿਟਰੇਸੀ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਸੰਦੀਪ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

[wpadcenter_ad id='4448' align='none']