Aaj Da Hukamnama
ਗੂਜਰੀ ਮਹਲਾ ੫ ॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥
ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥
ਫਿਰਤ ਫਿਰਤ ਤੁਮ੍ਹ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
(ਅਰਥ / ਵਿਆਖਿਆ)
ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?) । ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ॥੧॥
ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ । ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ॥੧॥ ਰਹਾਉ ॥
ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ । ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ), ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ ॥੨॥
ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ (ਖਾਣ ਦੀ) ਤ੍ਰਿਸ਼ਨਾ ਨਹੀਂ ਮੁੱਕਦੀ । ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਕ੍ਰੋੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ॥੩॥
ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖ਼ਰ) ਤੇਰੇ ਦਰ ਤੇ ਆ ਪਹੁੰਚਦਾ ਹੈ, ਹੇ ਨਾਨਕ! (ਆਖ-) ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ ॥੪॥੬॥੭॥
Aaj Da Hukamnama