ਬਠਿੰਡਾ, 24 ਜਨਵਰੀ : ਮੁਲਕ ਦੇ 75ਵੇਂ ਗਣਤੰਤਰ ਦਿਵਸ 26 ਜਨਵਰੀ 2024 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਊਰਜਾ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਤੋਂ ਸਲਾਮੀ ਵੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ਼੍ਰੀ ਹਰਮਨਬੀਰ ਸਿੰਘ ਗਿੱਲ ਤੇ ਪ੍ਰੇਡ ਕਮਾਂਡਰ ਡੀਐਸਪੀ ਰਾਮਪੁਰਾ ਫੂਲ ਸ਼੍ਰੀ ਮਨੋਜ ਅਗਰਵਾਲ ਪੀਪੀਐਸ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
26 ਜਨਵਰੀ 2024 ਨੂੰ ਜ਼ਿਲ੍ਹਾ ਪੱਧਰ ਤੇ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਜਿੱਥੇ ਪੀ.ਟੀ. ਸ਼ੋਅ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਦੇ ਨਾਲ-ਨਾਲ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ।
ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ 26 ਜਨਵਰੀ 2024 ਨੂੰ ਹੋਣ ਵਾਲੇ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਹ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਪੰਕਜ ਕੁਮਾਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ. ਇੰਦਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਆਦਿ ਮੌਜੂਦ ਸਨ।