ਐਸ.ਏ.ਐਸ.ਨਗਰ, 19 ਅਕਤੂਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਸ਼ਾਮ ਤੱਕ ਕਰੀਬ 88000 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਅਤੇ ਇਸ ਵਿੱਚੋਂ ਏਜੰਸੀਆਂ ਵੱਲੋਂ 85000 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡੀ ਸੀ ਆਸ਼ਿਕਾ ਜੈਨ ਨੇ ਖਰੀਦ ਕਾਰਜਾਂ ਨੂੰ ਨਿਰਵਿਘਨ ਬਣਾਈ ਰੱਖਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਨਿਰੰਤਰ ਖਰੀਦ ਨੂੰ ਯਕੀਨੀ ਬਣਾਉਣ ਲਈ ਕੁੱਲ 18 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਏਜੰਸੀਆਂ ਨੂੰ ਅਨਾਜ ਮੰਡੀਆਂ ਵਿੱਚ ਭੀੜ-ਭੜੱਕੇ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ 154 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਗਈ ਹੈ ਜੋ ਕਿ 48 ਘੰਟਿਆਂ ਦੀ ਸ਼ਰਤ ਅਨੁਸਾਰ 103 ਫੀਸਦੀ ਬਣਦੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ ਇਸ ਲਈ ਫੂਡ ਏਜੰਸੀਆਂ ਅਤੇ ਮੰਡੀ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੰਡੀਆਂ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਨੂੰ ਲਾਇਆ ਗਿਆ ਹੈ। ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਡੀਸੀ ਜੈਨ ਨੇ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਸ਼ੀਨੀ ਉਪਕਰਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਵਾਤਾਵਰਨ ਨੂੰ ਧੂੰਏਂ ਅਤੇ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਕੋਲ ਬਾਇਓ ਡੀ ਕੰਪੋਜ਼ਰ ਦੇ 8000 ਟਰਾਇਲ ਪੈਕ ਵੀ ਹਨ ਜਿਸ ਨਾਲ ਕਿਸਾਨ ਪਰਾਲੀ ਨੂੰ ਮਿੱਟੀ ਵਿੱਚ ਹੀ ਗਲਾ ਸਕਦੇ ਹਨ।
ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ
Date: