ਵਧੀਕ ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 07 ਅਗਸਤ

15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ (ਜ਼) ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁਤੰਤਰਤਾ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਲਈ ਟ੍ਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ ਦੀ ਟ੍ਰੈਫਿਕ ਦੀ ਸਮੱਸਿਆ ਨਾ ਆਵੇ । ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਹਨ ਤਾਂ ਉਨ੍ਹਾਂ ਕਸਿਆ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ, ਜ਼ਿਲ੍ਹਾ ਮੰਡੀ ਬੋਰਡ, ਨਗਰ ਕੌਂਸਲ, ਖੇਡ ਵਿਭਾਗ, ਵਾਟਰ ਸਪਲਾਈ ਅਤੇ ਖ਼ੁਰਾਕ ਸਪਲਾਈ  ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ।

ਇਸ ਮੌਕੇ ਐਸ.ਡੀ.ਐਮ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਪੀ (ਐਚ) ਸ੍ਰੀ ਕੰਵਲਪ੍ਰੀਤ ਸਿੰਘ ਚਹਿਲ, ਕਾਰਜ ਸਾਧਕ ਅਫ਼ਸਰ, ਸ੍ਰੀ ਰਜਨੀਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਕਪਿਲ ਸ਼ਰਮਾ, ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਗਮੋਹਣ ਸਿੰਘ ਮਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਗੁਰਦਿੱਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

[wpadcenter_ad id='4448' align='none']