ਫਰੀਦਕੋਟ: 24 ਮਈ 2024 ( ) ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਪਿੰਡ ਬਹਿਬਲ ਖੁਰਦ ਵਿਚ ਕਿਸਾਨ ਹਰਜਿੰਦਰ ਸਿੰਘ ਦੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਜ਼ਰੂਰੀ ਨੁਕਤੇ ਸਾਂਝੇ ਕੀਤੇ ।
ਗੱਲਬਾਤ ਕਰਦਿਆਂ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਫ਼ਰੀਦਕੋਟ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਅਤੇ ਬਾਸਮਤੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਆਰ ਜੀ ਆਰ ਸੈਲ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਕੱਦੂ ਕਰਕੇ ਝੋਨੇ ਦੀ ਲਵਾਈ ਕਰਨ ਦੀ ਰਵਾਇਤੀ ਤਕਨੀਕ ਦੇ ਨਾਲ ਨਾਲ ਕੁਝ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣੀ ਚਾਹੀਦੀ ਹੈ ਕਿਉਂਕਿ ਇਸ ਤਕਨੀਕ ਦੇ ਅਪਣਾਉਣ ਨਾਲ ਪਾਣੀ,ਸਮਾਂ ਅਤੇ ਖੇਤੀ ਲਾਗਤ ਖਰਚਿਆਂ ਦੀ ਬੱਚਤ ਹੁੰਦੀ ਹੈ ਅਤੇ ਖੇਤੀ ਆਮਦਨ ਵਿੱਚ ਵਾਧਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਤਕਨੀਕ ਪੱਖੋਂ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਨਿੱਜੀ ਤੌਰ ਤੇ ਸੰਪਰਕ ਕਰਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਕੁੱਲ ਮਾਲਕੀ ਰਕਬੇ ਦਾ 10-20 ਫੀਸਦੀ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਮਜ਼ਦੂਰੀ ਅਤੇ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ।
ਉਨ੍ਹਾਂ ਅਗਾਂਹਵਧੂ ਕਿਸਾਨ ਕਿਸਾਨ ਬਲਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਕਿਸਾਨਾਂ ਵੱਲੋਂ ਪਿਛਲੇ 13 ਸਾਲ ਦੇ ਸਫਲ ਤਜ਼ਰਬੇ ਬਾਅਦ ਨਵੀਂ ਸਟੈਪ ਸੀਡਰ ਡਰਿੱਲ ਲਿਆ ਕੇ 23 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਜੋਂ ਪਿੰਡ ਦੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾਇਕ ਹੋਵੇਗੀ।
ਡਾ. ਗੁਰਪ੍ਰੀਤ ਸਿੰਘ ਨੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਖਾਦਾਂ ਦੀ ਵਰਤੋਂ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾਉਣੀ ਚਾਹੀਦੀ ਹੈ ਅਤੇ ਰਿਪੋਰਟ ਦੇ ਅਧਾਰ ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਅਗਾਂਹਵਧੂ ਕਿਸਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਧਿਕਾਰੀਆਂ ਅਤੇ ਆਰ ਜੀ ਆਰ ਸੈਲ ਦੇ ਫੀਲਡ ਸਟਾਫ ਦੀ ਪ੍ਰੇਰਨਾ ਸਦਕਾ 2013 ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ । ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੁਝ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਜ਼ਰੁਰ ਕਰਨ।
ਇਸ ਮੌਕੇ ਪਵਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ) ਤੋਂ ਇਲਾਵਾ ਕਿਸਾਨ ਹਰਜਿੰਦਰ ਸਿੰਘ ਅਤੇ ਗੁਰਪ੍ਰੀਤ ਵੀ ਹਾਜ਼ਰ ਸਨ ।