ਐੱਸ.ਏ.ਐੱਸ ਨਗਰ, 06 ਅਗਸਤ:
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਮਿਡਲ ਸਮਾਰਟ ਸਕੂਲ, ਫੇਜ਼ 2, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼ 2 ਤੇ ਸਰਕਾਰੀ ਹਾਈ ਸਕੂਲ ਫੇਜ਼ 5, ਮੋਹਾਲੀ ਵਿਖੇ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਪਤੰਗ ਉਡਾਉਣ ਸਬੰਧੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਲਿਆ ਗਿਆ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਾਤਾਵਰਣ, ਰਣਤੇਜ ਸ਼ਰਮਾ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਇਕ ਕਰ ਕੇ ਕੰਮ ਕਰ ਰਿਹਾ ਹੈ। ਜਿੱਥੇ ਵੱਡੀ ਗਿਣਤੀ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ, ਉੱਥੇ ਉਹਨਾਂ ਨੂੰ ਜਾਗਰੂਕ ਕਰਨ ਲਈ ਵੀ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਗਏ ਹਨ।
ਫਸਲ ਉਤਪਾਦਨ ਲਈ ਮੁੱਖ ਤੌਰ ਉੱਤੇ 17 ਤੱਤਾਂ ਦੀ ਲੋੜ ਹੁੰਦੀ ਹੈ ਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਇਹ ਤੱਤ ਨਸ਼ਟ ਹੋ ਜਾਂਦੇ ਹਨ ਜਾਂ ਫਿਰ ਧਰਤੀ ਵਿੱਚ ਲਘੂ ਤੱਤਾਂ ਦੀ ਘਾਟ ਵੀ ਵੇਖੀ ਜਾਂਦੀ ਹੈ, ਜਿਨ੍ਹਾਂ ਵਿੱਚ ਝੋਨੇ ਵਿੰਚ ਜ਼ਿੰਕ ਦੀ ਘਾਟ ਅਤੇ ਕਣਕ ਵਿੱਚ ਮੈਗਨੀਜ਼ ਦੀ ਘਾਟ ਸ਼ਾਮਲ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਦਾ ਸੁਚੱਜਾ ਪ੍ਰਬੰਧਨ ਕਰਨ।
ਰਣਤੇਜ ਸ਼ਰਮਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਚਾਈਨਾ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਦੇ
ਦੋਸ਼ੀ ਪਾਏ ਜਾਣ ਸਬੰਧੀ ਸਜ਼ਾਵਾਂ ਦਾ ਵਰਨਣ ਕਰਨ ਵਾਲੇ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ
ਪੈਂਫਲੈਟ ਵੀ ਵੰਡੇ ਗਏ। ਇਸ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪੰਜ ਸਾਲ ਤੱਕ ਦੀ ਸਜ਼ਾ ਤੋਂ ਇਲਾਵਾ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਨਾਈਲੋਨ, ਪਲਾਸਟਿਕ ਜਾਂ ਕਿਸੇ ਹੋਰ ਸਿੰਥੈਟਿਕ ਸਮੱਗਰੀ ਸਮੇਤ ਪਤੰਗ ਉਡਾਉਣ ਵਾਲੇ ਧਾਗੇ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਦਰਾਮਦ ਅਤੇ ਵਰਤੋਂ ‘ਤੇ ਮੁਕੰਮਲ ਪਾਬੰਦੀ ਹੈ। ਪੰਜਾਬ ਰਾਜ ਵਿੱਚ “ਚੀਨੀ ਡੋਰ/ਮਾਂਝਾ” ਨਾਮ ਨਾਲ ਮਸ਼ਹੂਰ ਅਤੇ ਕੋਈ ਵੀ ਹੋਰ ਸਿੰਥੈਟਿਕ ਪਤੰਗ ਉਡਾਉਣ ਵਾਲਾ ਧਾਗਾ ਜੋ ਸਿੰਥੈਟਿਕ ਪਦਾਰਥ ਦੇ ਹਵਾਲੇ ਨਾਲ ਜਾਣਿਆ ਜਾਂਦਾ ਹੈ ਅਤੇ ਗੈਰ-ਬਾਇਓਡੀਗ੍ਰੇਡੇਬਲ ਹੈ, ਉੱਤੇ ਪਾਬੰਧੀ ਹੈ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ 11.07.2017 ਦੇ ਸਾਲ 2016 ਦੇ ਓ ਏ ਨੰਬਰ 384 ਅਤੇ ਸਾਲ 2016 ਦੇ ਹੀ ਓ ਏ ਨੰਬਰ 442 ਵਿੱਚ ਪਾਸ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਵਿੱਚ, ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਵੱਲੋਂ ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਤਹਿਤ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਆਪਣੇ ਨੋਟੀਫਿਕੇਸ਼ਨ ਨੰਬਰ 3/25/23-ਐਸ ਟੀ ਈ 4/293 ਮਿਤੀ 05.07.2023 ਦੁਆਰਾ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ।