ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

ਫਿਰੋਜ਼ਪੁਰ 11 ਜਨਵਰੀ 2024.

             ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦੇ ਕੰਮ ਦੀ ਮਿਆਦ ਵਿਚ ਵਾਧਾ ਕਰਦੇ ਹੋਏ 29 ਫਰਵਰੀ 2024 ਤੱਕ ਕਰ ਦਿੱਤਾ ਹੈ। ਇਸ ਲਈ ਜ਼ਿਲ੍ਹੇ ਦੇ ਸਮੂਹ ਕੇਸਾਧਾਰੀ ਸਿੱਖ ਵੋਟਰ ਆਪਣੀ ਐਸ.ਜੀ.ਪੀ.ਸੀ. ਦੀ ਵੋਟ ਜ਼ਰੂਰ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ ਜ਼ਿਲ੍ਹੇ ਦੇ ਲਲ੍ਹੇ, ਕਾਲੀਏ ਵਾਲਾ, ਹਕੂਮਤ ਸਿੰਘ ਵਾਲਾ ਸਮੇਤ ਵੱਖ-ਵੱਖ ਪਿੰਡਾਂ ਦਾ ਕਰਨ ਮੌਕੇ ਕੀਤਾ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਕੇ 15 ਨਵੰਬਰ 2023 ਤੱਕ ਚੱਲਣਾ ਸੀ, ਜੋ ਕਿ ਹੁਣ ਵਧਾ ਕੇ 29 ਫਰਵਰੀ 2024 ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਦਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਦਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ 2024 ਹੋਵੇਗੀ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ 2024 ਤੱਕ ਦਾਅਵਿਆਂ ਅਤੇ ਇਦਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

            ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਦਾ ਕੇਸਧਾਰੀ ਸਿੱਖ ਹੋਣਾ ਜ਼ਰੂਰੀ ਹੈ। ਜੋ ਵਿਅਕਤੀਆਪਣੀ ਦਾੜੀ ਕਟਵਾਉਂਦਾ ਹੈ ਜਾਂ ਤੰਬਾਕੂ ਜਾਂ ਸ਼ਰਾਬ ਦਾ ਸੇਵਨ ਕਰਦਾ ਹੈ ਵੋਟਰ ਵਜੋਂ ਰਜਿਸਟਰ ਨਹੀਂ ਹੋ ਸਕਦਾ।

            ਉਨ੍ਹਾਂ ਕਿਹਾ ਕਿ ਫਾਰਮ-। ਸਬੰਧਤ ਚੋਣ ਹਲਕੇ ਦੇ ਰਿਵਾਈਜਿੰਗ ਅਫਸਰ ਦੇ ਦਫਤਰ ਵਿਖੇ ਉੱਪਲਬਧ ਹਨ ਤੇ ਜ਼ਿਲ੍ਹੇ ਦੇ 21 ਸਾਲ ਦੇ ਸਮੂਹ ਕੇਸਧਾਰੀ ਸਿੱਖ ਵੋਟਰ ਆਪਣੀ ਵੋਟ ਬਣਾਉਣ ਲਈ ਫਾਰਮ-1 ਭਰਨ ਤੋਂ ਬਾਅਦ ਰਿਵਾਈਜਿੰਗ ਅਫਸਰ, ਸਹਾਇਕ ਰਿਵਾਈਜਿੰਗ ਅਫਸਰ ਦੇ ਦਫਤਰ ਜਾਂ ਆਪਣੇ ਹਲਕੇ ਦੇ ਪਟਵਾਰੀ ਪਾਸ ਜਮਾਂ ਕਰਵਾ ਸਕਦੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ-1 ਜ਼ਿਲ੍ਹੇ ਦੀ ਵੈਬ ਸਾਈਟ www.ferozepur.nic.in ਤੇ ਵੀ ਉਪਲਬਧ ਹੈ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਕੇਸਧਾਰੀ ਸਿੱਖਾਂ ਨੂੰ ਫਾਰਮਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਲੱਲ੍ਹੇ, ਕਾਲੀਏ ਵਾਲਾ, ਹਕੂਮਤ ਸਿੰਘ ਵਾਲਾ ਆਦਿ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।

[wpadcenter_ad id='4448' align='none']