ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ

ਮੋਗਾ, 4 ਮਈ:
ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ਼ ਪ੍ਰਦੂਸ਼ਣ) ਐਕਟ 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਇਹ ਅਫ਼ਸਰ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ  ਬਾਜ ਅੱਖ ਰੱਖਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਖੇਤੀਬਾੜੀ ਵਾਲੀ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਜਾਗਰੂਕ ਕਰਨਗੀਆਂ। ਕਣਕ ਦੇ ਨਾੜ ਦੀ ਸਾਂਭ ਸੰਭਾਲ ਲਈ ਵਰਤੋਂ ਵਿੱਚ ਆਉਣ ਵਾਲੇ ਸੰਦਾਂ ਦੀ ਜਾਣਕਾਰੀ ਤੋਂ ਇਲਾਵਾ ਉਸ ਉੱਪਰ ਦਿੱਤੀ ਜਾਣ ਵਾਲੀ ਸਰਕਾਰ ਵੱਲੋਂ ਸਬਸਿਡੀ ਦੀ ਜਾਣਕਾਰੀ ਵੀ ਦੇਣਗੀਆਂ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਦੀ ਸੂਚਨਾ ਮਿਲਣ ਤੇ ਸਬੰਧਤ ਨੋਡਲ ਅਫ਼ਸਰ ਵੱਲੋਂ ਮੌਕੇ ਦਾ ਮੁਆਇਨਾ ਕਰਨ ਉਪਰੰਤ ਜਗ੍ਹਾ ਦੀ ਰਿਪੋਰਟ/ਫੋਟੋ ਸਬੰਧਤ ਪਟਵਾਰੀ ਨੂੰ ਮੋਬਾਇਲ ਐਪਲੀਕੇਸ਼ਨ ਰਾਹੀਂ ਭੇਜੀ ਜਾਵੇਗੀ, ਇਸ ਉਪਰੰਤ ਪਟਵਾਰੀ ਵੱਲੋਂ ਜ਼ਮੀਨ ਦੇ ਰਿਕਾਰਡ ਸਬੰਧੀ ਸਾਰੀ ਜਾਣਕਾਰੀ ਮੋਬਾਇਲ ਐਪਲੀਕੇਸ਼ਨ ਤੇ ਅਪਲੋਡ ਕਰਨ ਉਪਰੰਤ ਕਲੱਸਟਰ ਅਫ਼ਸਰ ਨੂੰ ਭੇਜੀ ਜਾਵੇਗੀ। ਰਿਪੋਰਟ ਪ੍ਰਾਪਤ ਹੋਣ ਉਪਰੰਤ ਸਬੰਧਤ ਤਹਿਸੀਲਦਾਰ ਦੇ ਦਫ਼ਤਰ ਵੱਲੋਂ ਅੱਗ ਲਗਾਉਣ ਵਾਲੀ ਜਗ੍ਹਾ ਦੇ ਮਾਲਕ ਦਾ ਚਲਾਨ ਕੱਟਣ ਉਪਰੰਤ ਸਾਰੀ ਜਾਣਕਾਰੀ ਮੋਬਾਇਲ ਐਪਲੀਕੇਸ਼ਨ ਤੇ ਅਪਲੋਡ ਕੀਤੀ ਜਾਵੇਗੀ ਤਾਂ ਜੋ ਸਾਰੀ ਰਿਪੋਰਟ ਸਬੰਧਤ ਉਪ ਮੰਡਲ ਅਫ਼ਸਰ ਨੂੰ ਸੀ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਨ ਹਿੱਤ ਭੇਜੀ ਜਾ ਸਕੇ। ਹਰ ਉਪ ਮੰਡਲ ਵਿੱਚ ਗਠਿਤ ਟੀਮਾਂ ਉਸ ਉਪ ਮੰਡਲ ਦੇ ਉਪ ਮੰਡਲ ਮੈਜਿਸਟ੍ਰੇਟ ਦੇ ਅਧੀਨ ਕੰਮ ਕਰਨਗੀਆਂ। ਉਪ ਮੰਡਲ ਵਿੱਚ ਤਾਇਨਾਤ ਉਪ ਕਪਤਾਨ ਪੁਲਿਸ, ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਪੁਲਿਸ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਅਮਲ ਵਿੱਚ ਲਿਆਉਣਗੇ। ਚਲਾਨ ਬੁੱਕ ਮੁਕੰਮਲ ਹੋਣ ਤੇ ਟੀਮ ਦੇ ਇੰਚਾਰਜ ਵੱਲੋਂ ਉਸਨੂੰ ਡੀ.ਆਰ.ਓ. ਮੋਗਾ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਇਆ ਜਾਵੇਗਾ ਅਤੇ ਡੀ.ਆਰ.ਓ. ਇਨ੍ਹਾਂ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਫ਼ਤਰ ਵਿਖੇ ਭੇਜੇਗਾ।  ਜੇਕਰ ਕਿਸੇ ਕਿਸਾਨ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਦੇ ਜ਼ਮੀਨ ਦੀ ਗਿਰਦਾਵਰੀ ਵਿੱਚ ਸੁਰਖ ਅੱਖਰਾਂ ਵਿੱਚ ਇੰਦਰਾਜ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗੀ ਕਾਰਵਾਈ ਤੋਂ ਬਚਣ ਅਤੇ ਵਾਤਾਵਰਨ ਦੀ ਸ਼ੁਧਤਾ ਬਰਕਰਾਰ ਰੱਖਣ ਲਈੇ ਕਣਕ ਦੇ ਨਾੜ/ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ।

[wpadcenter_ad id='4448' align='none']