ਮੋਗਾ, 6 ਅਗਸਤ (000) –
ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਜਾਨਾਂ ਗਵਾਉਣ ਵਾਲੇ 32 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਮੋਗਾ ਵਿਖੇ ਕੀਤਾ ਗਿਆ, ਜਿਸ ਵਿੱਚ 20 ਨਿਯੁਕਤੀ ਪੱਤਰ ਵੰਡੇ ਗਏ। ਜਦਕਿ 12 ਰਹਿੰਦੇ ਵਾਰਸਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਵਿੱਚ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਖੇਤੀਬਾਡ਼ੀ ਤੇ ਭਲਾਈ ਵਿਭਾਗ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਦਰਜਾ-ਡੀ ਕਰਮਚਾਰੀ ਦੀ ਨੌਕਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਯੋਗ ਪਰਿਵਾਰ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਰਹਿ ਗਏ ਉਹਨਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੇ ਕਿਹਾ ਕਿ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਦੇਣ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ ਪਰ ਉਹਨਾਂ ਦੇ ਪਿੱਛੇ ਰਹਿੰਦੇ ਪਰਿਵਾਰਾਂ ਨੂੰ ਸੰਭਾਲਣ ਦੀ ਜਿੰਮੇਵਾਰੀ ਪੰਜਾਬ ਸਰਕਾਰ ਨੇ ਨਿਭਾਈ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਗਾ ਜਿਲ੍ਹੇ ਦੇ ਉਨ੍ਹਾਂ 32 ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਉੱਤੇ ਗਰੁੱਪ ’ਡੀ’ਵਿਚ ਨੌਕਰੀ ਦੇਣ ਲਈ ਹੁਕਮ ਜਾਰੀ ਕੀਤੇ ਹਨ ਜਿੰਨ੍ਹਾਂ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ।
ਦੱਸਣਯੋਗ ਹੈ ਕਿ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਬਲਾਕ ਕੋਟ ਈਸੇ ਖਾਂ ਅਧੀਨ ਵੱਖ ਵੱਖ 14, ਬਲਾਕ ਬਾਘਾਪੁਰਾਣਾ ਦੇ 12, ਬਲਾਕ ਨਿਹਾਲ ਸਿੰਘ ਵਾਲਾ ਤੇ ਮੋਗਾ ਦੇ 6 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਉੱਤੇ ਨੌਕਰੀ ਦੀ ਸਰਕਾਰ ਵੱਲੋਂ ਮੰਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮਾਗਮ ਦੌਰਾਨ ਖੇਤੀਬਾੜੀ ਵਿਭਾਗ ਰਾਹੀਂ ਇਕ ਹਫਤੇ ਦੀ ਸਵੈ ਰੁਜ਼ਗਾਰ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਵਾਲੀਆਂ 30 ਲੜਕੀਆਂ ਨੂੰ ਵੀ ਸਰਟੀਫਿਕੇਟ ਵੰਡੇ ਗਏ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ, ਮੁੱਖ ਖੇਤੀਬਾੜੀ ਅਫ਼ਸਰ ਸ੍ਰ ਜਸਵਿੰਦਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਜ਼ਿਲ੍ਹਾ ਮੋਗਾ ਦੇ 20 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ
Date: