10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 18 ਜੁਲਾਈ, 2024-
 ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ  ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈ.ਓ.) ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਉਕਤ ਆਈ.ਓ. ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ  ਲੈਣ ਲਈ ਅਰਜ਼ੀ ਦੇ ਸਕੇ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵੱਲੋਂ ਇਸ ਕੰਮ ਬਦਲੇ ਵੀ 10,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

[wpadcenter_ad id='4448' align='none']