ਫਾਜ਼ਿਲਕਾ ,11 ਦਸੰਬਰ
ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਡੱਬਵਾਲਾ ਵਲਾ ਸਰਕਾਰੀ ਸਕੂਲ ਵਿਖੇ ਕਾਰਜਕਾਰੀ ਸਿਵਲ ਸਰਜਨ ਡਾ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਬਾਰੇ ਡਬਵਾਲੀ ਕਲਾ ਦੇ ਓਟ ਸੈਂਟਰ ਦੇ ਇੰਚਾਰਜ ਡਾ ਦੁਸ਼ਯੰਤ ਯਾਦਵ , ਕੌਂਸਲਰ ਸੁਰਿੰਦਰ ਠਕਰਾਲ ਅਤੇ ਨਿਸ਼ਾਨ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਓਟ ਕੌਂਸਲਰ ਨਿਸ਼ਾਨ ਸਿੰਘ ਭੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।
ਕੌਂਸਲਰ ਸੁਰਿੰਦਰ ਠਕਰਾਲ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ । ਉਹਨਾਂ ਕਿਹਾ ਕਿ ਇਸ ਬਿਮਾਰੀ ਲਈ ਸਾਰੇ ਸਮਾਜ ਨੂੰ ਇਕੱਠਾ ਹੋਣਾ ਪਵੇਗਾ। ਇਸ ਦੌਰਾਨ ਸਕੂਲ ਸਟਾਫ ਹਾਜ਼ਰ ਸੀ।