ਵਿਸ਼ਵ ਏਡਜ਼ ਦਿਵਸ ‘ਤੇ ਜ਼ਿਲ੍ਹੇ ‘ਚ ਵੱਖ-ਵੱਖ ਥਾਈਂ ਕਰਵਾਏ ਗਏ ਜਾਗਰੂਕਤਾ ਸੈਮੀਨਾਰ

ਫਿਰੋਜ਼ਪੁਰ, 1 ਦਸੰਬਰ 2023.
ਵਿਸ਼ਵ ਏਡਜ਼ ਦਿਵਸ ਹਰ ਸਾਲ 1 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮਕਸਦ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ। ਏਡਜ਼ ਦੇ ਮਰੀਜ਼ਾਂ ਦਾ ਸਮਾਜਿਕ ਬਾਈਕਾਟ ਕਰਨ ਦੀ ਬਜਾਏ ਭਾਵਨਾਤਮਕ ਲਗਾਵ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਤੋ ਇਲਾਜ ਕਰਵਾਉਣ ਲਈ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਭਾਰੀ ਸਿਵਲ ਸਰਜਨ ਫਿਰੋਜ਼ਪੁਰ ਡਾ. ਸ਼ੁਸਮਾ ਠੱਕਰ ਨੇ ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ ਕੇ ਇਸ ਬਿਮਾਰੀ ਨੂੰ ਹਰਾਉਣਾ ਹੈ ਅਤੇ ਲੋਕਾਂ ਨੂੰ ਏਡਜ਼ ਪ੍ਰਤੀ ਜਾਗਰੂਕ ਵੀ ਕਰਨਾ ਹੈ। ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਇੱਕ ਰਿਪੋਰਟ ਅਨੁਸਾਰ ਦੁਨੀਆ ਭਰ ਵਿੱਚ 39.0 ਮਿਲੀਅਨ ਲੋਕ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਪੀੜਤ ਹਨ, ਅਤੇ ਏਡਜ਼ ਸੋਸਾਇਟੀ ਆਫ਼ ਇੰਡੀਆ ਦੇ ਅਨੁਸਾਰ, ਭਾਰਤ ਵਿੱਚ ਏਡਜ਼ ਦੇ ਮਰੀਜ਼ਾਂ ਦੀ ਕੁੱਲ ਸੰਖਿਆ ਲਗਭਗ 24 ਲੱਖ ਦੇ ਕਰੀਬ ਹੈ। ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਭਾਵੇਂ ਏਡਜ਼ ਦਾ ਕੋਈ ਇਲਾਜ ਨਹੀਂ ਹੈ, ਪਰ ਮਾਹਿਰ ਡਾਕਟਰਾਂ ਦੀ ਸਮੇਂ-ਸਮੇਂ ‘ਤੇ ਡਾਕਟਰੀ ਸਲਾਹ ਲੈ ਕੇ ਐਚਆਈਵੀ ਪੀੜਤ ਵਿਅਕਤੀ ਸਿਹਤਮੰਦ ਤਰੀਕੇ ਨਾਲ ਜ਼ਿੰਦਗੀ ਬਤੀਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਐੱਚਆਈਵੀ ਦੇ ਕਾਰਨ ਇਮਿਊਨਿਟੀ ਬਹੁਤ ਕਮਜ਼ੋਰ ਹੋ ਜਾਂਦੀ ਹੈ, ਜਿਸ ਕਾਰਨ ਇਹ ਵਾਇਰਸ ਸਰੀਰ ਵਿੱਚ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਜਾਂਦਾ ਹੈ। ਜੇਕਰ ਸ਼ੁਰੂਆਤੀ ਪੜਾਅ ‘ਤੇ ਇਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਵਿਅਕਤੀ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਤੌਰ ‘ਤੇ ਅਸੁਰੱਖਿਅਤ ਸੰਭੋਗ ਅਤੇ ਐਚਆਈਵੀ ਵਾਲੇ ਕਿਸੇ ਵਿਅਕਤੀ ਦੁਆਰਾ ਵਰਤੇ ਜਾਣ ਵਾਲੇ ਟੀਕੇ ਜਾਂ ਸਾਜ਼ੋ-ਸਾਮਾਨ ਨੂੰ ਸਾਂਝਾ ਕਰਨ ਦੁਆਰਾ ਫੈਲਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਕੇਂਦਰ ਤੇ ਸੂਬਾ ਸਰਕਾਰ ਵਿਸ਼ਵ ਏਡਜ਼ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਪ੍ਰੋਗਰਾਮ ਉਲੀਕਦੀਆਂ ਹਨ। ਉਨ੍ਹਾਂ ਦੱਸਿਆ ਕਿ 1 ਦਸੰਬਰ 1988 ਨੂੰ ਵਿਸ਼ਵ ਸਿਹਤ ਸੰਗਠਨ ਨੇ ਏਡਜ਼ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ।
ਪ੍ਰਭਾਰੀ ਸਿਵਲ ਸਰਜਨ ਡਾ. ਸ਼ੁਸਮਾ ਠੱਕਰ ਨੇ ਦੱਸਿਆ ਕਿ ਐੱਚਆਈਵੀ ਦੇ ਲੱਛਣਾਂ ਦੀ ਗੱਲ ਕਰੀਏ ਤਾਂ ਵਾਇਰਸ ਦੇ ਸਰੀਰ ਵਿੱਚ ਦਾਖਲ ਹੋਣ ਤੋਂ ਕੁਝ ਸਮੇਂ ਬਾਅਦ ਦਿਖਾਈ ਦਿੰਦੇ ਹਨ, ਸ਼ੁਰੂ ਵਿੱਚ ਸੰਕਰਮਿਤ ਵਿਅਕਤੀ ਵਿੱਚ ਤੇਜ਼ ਬੁਖਾਰ, ਸਰੀਰ ‘ਤੇ ਧੱਫੜ, ਪਸੀਨਾ ਆਉਣਾ, ਥਕਾਵਟ ਮਹਿਸੂਸ ਹੋਣਾ, ਉਲਟੀਆਂ-ਦਸਤ, ਸਰੀਰ ‘ਤੇ ਗੰਢ, ਲਗਾਤਾਰ ਖੁਜਲੀ ਆਦਿ ਵਰਗੇ ਲੱਛਣ ਦੇਖੇ ਜਾ ਸਕਦੇ ਹਨ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਬੀਮਾਰੀ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਪਿਛਲੇ ਸਮੇਂ ਵਿੱਚ ਅਸੁਰੱਖਿਅਤ ਸੈਕਸ ਕੀਤਾ ਹੈ ਜਾਂ ਕਿਸੇ ਬਿਮਾਰੀ ਕਾਰਨ ਹਸਪਤਾਲ ਵਿੱਚ ਦਾਖਲ ਹੋਏ ਹੋ ਅਤੇ ਸਰੀਰ ਵਿੱਚ ਇਹ ਲੱਛਣ ਦਿਖਾਈ ਦਿੰਦੇ ਹਨ, ਤਾਂ ਤੁਰੰਤ ਏਡਜ਼ ਟੈਸਟ ਕਰਵਾਓ ਅਤੇ ਮਾਹਿਰ ਡਾਕਟਰ ਦੀ ਸਲਾਹ ਲਓ।
ਇਸ ਮੌਕੇ ਡਾ. ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ , ਡਾ ਯੁਵਰਾਜ ਜ਼ਿਲ੍ਹਾ ਮਹਾਮਾਰੀ ਅਫਸਰ, ਸੁਪਰਡੈਂਟ ਪਰਮਵੀਰ ਮੋਗਾਂ, ਪੀ ਏ ਵਿਕਾਸ ਕਾਲੜਾ, ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਆਦਿ ਹਾਜ਼ਰ ਸਨ।

[wpadcenter_ad id='4448' align='none']