ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ

Date:

  • ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਦੁਹਰਾਈ
  • ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ
  • ਕਿਸਾਨਾਂ ਲਈ ਜਲਦੀ ਹੀ ਫਸਲ ਬੀਮਾ ਨੀਤੀ ਲਿਆਏਗੀ ਸੂਬਾ ਸਰਕਾਰ
  • ਨੁਕਸਾਨ ਦੀ ਜ਼ਮੀਨੀ ਰਿਪੋਰਟ ਲੈਣ ਲਈ ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦਾ ਤੂਫ਼ਾਨੀ ਦੌਰਾ
  • ਆਮ ਆਦਮੀ ਸਰਕਾਰ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਤੇ ਗ਼ਰੀਬਾਂ ਦੇ ਅਧਿਕਾਰਾਂ ਦੀ ਹਮਾਇਤੀ ਰਹੀ

ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।

ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ਼ ਨੇ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ‘ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲਗਪਗ ਤਿਆਰ ਸਨ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫ਼ਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜ਼ਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗ਼ਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ‘ਤੇ ਵੱਡਾ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

Also Read : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ, 2023) Today Hukumnana Darbar Sahib JI

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਕਿਉਂਕਿ ਸਾਨੂੰ ਭਲੀ-ਭਾਂਤ ਪਤਾ ਹੈ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਵੀ ਕਿਸਾਨਾਂ ਨੂੰ ਕੋਈ ਮੁਸ਼ਕਲ ਜਾਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਨੇ ਉਨ੍ਹਾਂ ਦੇ ਬਚਾਅ ਲਈ ਅੱਗੇ ਆਉਣ ਲਈ ਬਹੁਤਾ ਸਮਾਂ ਨਹੀਂ ਲਗਾਇਆ, ਜੋ ਕਿ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੀਤੇ ਜਾ ਰਹੇ ਦਲੇਰਾਨਾ ਫੈਸਲਿਆਂ ਤੋਂ ਸਪੱਸ਼ਟ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।

Share post:

Subscribe

spot_imgspot_img

Popular

More like this
Related